ਪੱਤਰ ਪ੍ਰੇਰਕ
ਪਾਇਲ, 30 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੇ ਭਾਅ ’ਚ 10 ਰੁਪਏ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਕੇਂਦਰ ਸਰਕਾਰ ਵਲੋਂ ਐੱਮਐਸਪੀ ਲਾਗੂ ਨਹੀਂ ਕੀਤੀ ਜਾ ਰਹੀ ਹੈ ਸਗੋਂ 10 ਰੁਪਏ ਵਧਾ ਕੇ ਮੋਦੀ ਕਿਸਾਨਾਂ ਨੂੰ ਮਜ਼ਾਕ ਦਾ ਪਾਤਰ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕੀ ਹੋਣ ਦਾ ਖੇਖਣ ਕਰ ਰਹੀ ਹੈ ਜੋ ਪਹਿਲਾਂ ਵਾਅਦੇ ਕੀਤੇ ਗਏ ਉਨ੍ਹਾਂ ਨੂੰ ਹੀ ਪੂਰੇ ਕਰ ਦੇਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪੱਖੀ ਨਹੀਂ ਇਹ ਕਾਰਪੋਰੇਟਾਂ ਦੇ ਢਿੱਡ ਭਰ ਰਹੀ ਹੈ। ਘੁਡਾਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਨੇ ਬੰਦ ਕਰੇ ਅਤੇ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਫਸਲਾਂ ਦੇ ਭਾਅ ਦਿੱਤੇ ਜਾਣ।