ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 2 ਸਤੰਬਰ
ਜਗਰਾਉਂ ਦੇ ਸਿਹਤ ਵਿਭਾਗ, ਮਾਲ ਮਹਿਕਮੇ ਤੇ ਹੋਰ ਵਿਭਾਗਾਂ ’ਚ ਫੈਲੇ ਭ੍ਰਿਸ਼ਟਾਚਾਰ ਦਾ ਮੁੱਦਾ ਕੈਬਨਿਟ ਮੰਤਰੀ ਤੱਕ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਜੇ ਸਰਕਾਰ ਬਦਲਣ ਨਾਲ ‘ਬਦਲਾਅ’ ਆਇਆ ਹੈ ਤਾਂ ਉਹ ਲੋਕਾਂ ਨੂੰ ਨਜ਼ਰ ਵੀ ਆਉਣਾ ਚਾਹੀਦਾ ਹੈ। ਬਹੁਤੇ ਵਿਭਾਗ ਦੇ ਪ੍ਰਮੁੱਖ ਅਧਿਕਾਰੀ ਅਕਾਲੀ ਸਰਕਾਰ ਸਮੇਂ ਵੀ ਉਹੀ ਸਨ, ਕਾਂਗਰਸ ਸਰਕਾਰ ਸਮੇਂ ਵੀ ਅਤੇ ਹੁਣ ‘ਆਪ’ ਸਰਕਾਰ ਸਮੇਂ ਵੀ ਉਹੀ ਤਾਇਨਾਤ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਜਗਤਾਰ ਸਿੰਘ ਦੇਹੜਕਾ ਤੇ ਤਾਰਾ ਸਿੰਘ ਅੱਚਰਵਾਲ ਵਫ਼ਦ ਦੇ ਰੂਪ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਮਿਲੇ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਗਰਾਉਂ ਦੇ ਸਿਵਲ ਹਸਪਤਾਲ ’ਚ ਡੋਪ ਟੈਸਟਾਂ ਦੇ ਨਾਂ ’ਤੇ ਬਹੁਤ ਦੇਰ ਤੋਂ ਗੋਰਖਧੰਦਾ ਚੱਲ ਰਿਹਾ ਹੈ। ਸਬੰਧਤ ਐੱਸਐੱਮਓ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਉਹ ਕਾਂਗਰਸ ਸਰਕਾਰ ਸਮੇਂ ਵੀ ਇਥੇ ਟਿਕੇ ਰਹੇ ਅਤੇ ਹੁਣ ਕਈ ਸਾਲ ਬਾਅਦ ਸਰਕਾਰ ਬਦਲਣ ਦੇ ਬਾਵਜੂਦ ਬਦਲੇ ਨਹੀਂ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਨੀਤੀ ਭ੍ਰਿਸ਼ਟਾਚਾਰ ਵਿਰੋਧੀ ਹੈ ਪਰ ਜਗਰਾਉਂ ’ਚ ਇਹ ਨੀਤੀ ਅਮਲ ’ਚ ਨਹੀਂ ਲਿਆਂਦੀ ਜਾ ਰਹੀ। ਜੇ ਜਗਰਾਉਂ ’ਚ ਫੈਲੇ ਭ੍ਰਿਸ਼ਟਾਚਾਰ ਦੀ ਨਿਰਪੱਖ ਜਾਂਚ ਹੋਵੇ ਤਾਂ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਇਸ ਮੁੱਦੇ ’ਤੇ ਇਕ ਹਫ਼ਤੇ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਕਿਸੇ ਵੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ: ਮਾਣੂੰਕੇ
ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਿਸੇ ਵੀ ਵਿਭਾਗ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇ ਕਿਸੇ ਕੋਲ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਦਾ ਕੋਈ ਵੀ ਸਬੂਤ ਹੈ ਤਾਂ ਉਨ੍ਹਾਂ ਕੋਲ ਪਹੁੰਚਦਾ ਕੀਤਾ ਜਾਵੇ, ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।