ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਮਈ
ਜ਼ਿਲ੍ਹਾ ਲੁਧਿਆਣਾ ਵਿੱਚ ਰੋਜ਼ਾਨਾ ਵੱਧਦੇ ਕਰੋਨਾ ਦੇ ਕੇਸਾ ਤੇ ਹਸਪਤਾਲਾਂ ਵਿੱਚ ਭਰਦੇ ਜਾ ਰਹੇ ਬੈੱਡਾਂ ਤੋਂ ਚਿੰਤਾ ਵਿਚ ਆਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਇੱਕ ਵਾਰ ਫਿਰ ਤੋਂ ਅਸਥਾਈ ਕੋਵਿਡ ਹਸਪਤਾਲ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਅਤੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਜਵੱਦੀ ਵਿੱਚ ਲੈਵਲ-2 ਦੇ 100 ਬੈੱਡ (50 ਇੱਕ ਵਿੱਚ) ਸਥਾਪਤ ਕਰਨ ਦਾ ਫੈ਼ਸਲਾ ਕੀਤਾ ਹੈ।ਦੋਵਾਂ ਹਸਪਤਾਲਾਂ ਦੀਆਂ ਸਹੂਲਤਾਂ ਦਾ ਨਿਰੀਖਣ ਕਰਦਿਆਂ ਨਿਗਮ ਕੌਂਸਲਰ ਮਮਤਾ ਆਸ਼ੂ, ਏਡੀਸੀ ਅਮਰਜੀਤ ਬੈਂਸ, ਐੱਸਡੀਐੱਮ ਅਮਰਿੰਦਰ ਸਿੰਘ ਮੱਲ੍ਹੀ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਡੀਐੱਮਸੀ ਦੇ ਮਾਹਰ ਡਾ. ਬਿਸ਼ਵ ਮੋਹਨ ਦੇ ਨਾਲ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਲੈਵਲ-2 ਕੋਵਿਡ ਕੇਅਰ ਸਹੂਲਤਾਂ ਵਜੋਂ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ, ਬੈੱਡ ਅਤੇ ਏਸੀ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੋਵਾਂ ਥਾਵਾਂ ’ਤੇ ਹੋਰ ਲਾਜ਼ਮੀ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਕਿਹਾ। ਡੀਸੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਕੋਵਿਡ ਕੇਅਰ ਸੈਂਟਰਾਂ ਵਿਚ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਇਨ੍ਹਾਂ ਦੀ ਵਰਤੋਂ ਦੂਜੇ ਹਸਪਤਾਲਾਂ ’ਤੇ ਭਾਰ ਘਟਾਉਣ ਅਤੇ ਉਨ੍ਹਾਂ ਦੇ ਲੈਵਲ-2 ਦੇ ਬੈੱਡਾਂ ਨੂੰ ਆਈਸੀਯੂ ਬੈੱਡਾਂ ਵਿਚ ਤਬਦੀਲ ਕਰਕੇੇ ਲੈਵਲ-2 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਉਥੇ ਵੱਖ-ਵੱਖ ਹਾਲਾਂ ਦਾ ਦੌਰ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਜਵੱਦੀ ਵਿਖੇ ਕੋਵਿਡ ਕੇਅਰ ਸੈਂਟਰ ਵੀਰਵਾਰ (6 ਮਈ) ਅਤੇ ਮੈਰੀਟੋਰੀਅਸ ਸਕੂਲ ਅਗਲੇ ਸੋਮਵਾਰ ਤੱਕ ਸ਼ੁਰੂ ਹੋਣਾ ਯਕੀਨੀ ਬਣਾਇਆ ਜਾਵੇ। ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਸਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਇਮਾਰਤਾਂ ਲਈ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ) ਵੱਲੋਂ ਆਕਸੀਜ਼ਨ ਸਪਲਾਈ ਪਾਈਪ ਲਾਈਨ ਸਥਾਪਤ ਕਰਨ ਲਈ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।
ਡੀਸੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਣ ਵਾਲੀ ਹਰ ਤਰ੍ਹਾਂ ਦੀ ਸਥਿਤੀ ਨਾਨ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਕਸੀਜਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਸਮੇਤ ਸਰੋਤਾਂ ਦੀ ਘਾਟ ਨਹੀਂ ਹੈ।