ਗੁਰਿੰਦਰ ਸਿੰਘ
ਲੁਧਿਆਣਾ, 25 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਣੀ ਅਤੇ ਪ੍ਰਦੂਸ਼ਣ ਖ਼ਿਲਾਫ਼ ਬੁੱਢੇ ਨਾਲੇ ’ਤੇ ਚੱਲ ਰਿਹਾ ਪੰਜ ਰੋਜ਼ਾ ਧਰਨਾ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦੇ ਐਲਾਨ ਨਾਲ ਸਮਾਪਤ ਹੋ ਗਿਆ। ਧਰਨੇ ਦੇ ਅੰਤਿਮ ਦਿਨ ਅੱਜ ਵੱਡਾ ਇਕੱਠ ਹੋਇਆ ਜਿਸ ਵਿੱਚ ਲੁਧਿਆਣਾ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕਿਸਾਨਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹੱਕਾਂ ਦੀ ਪ੍ਰਾਪਤੀ ਲਈ ਚੱਲ ਰਹੇ ਘੋਲ ਮੁੱਕੇ ਨਹੀਂ ਹਨ ਬਲਕਿ ਇਹ ਸ਼ੁਰੂ ਹੋਏ ਹਨ। ਬੁੱਢੇ ਨਾਲੇ ’ਤੇ ਚੱਲ ਰਿਹਾ ਧਰਨਾ ਬੇਸ਼ੱਕ ਸਮਾਪਤ ਕਰ ਦਿੱਤਾ ਗਿਆ ਹੈ, ਪਰ ਕਿਸਾਨਾਂ ਦਾ ਸੰਘਰਸ਼ ਹੱਕ ਪ੍ਰਾਪਤੀ ਤੱਕ ਜਾਰੀ ਰਹੇਗਾ। ਅੱਜ ਧਰਨੇ ਦੀ ਅਗਵਾਈ ਸੰਗਰੂਰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਤੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਨੇ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੋਂ ਇਲਾਵਾ ਸੂਬਾ ਆਗੂ ਜਨਕ ਸਿੰਘ ਭੂਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬੁੱਢੇ ਨਾਲੇ ਵਿੱਚ ਲੁਧਿਆਣਾ ਸ਼ਹਿਰ ਦੀਆਂ ਲੱਗਪਗ 250 ਤੋਂ 300 ਫੈਕਟਰੀਆਂ ਦਾ ਜ਼ਹਿਰੀਲਾ ਗੰਦਾ ਪਾਣੀ ਪਾਇਆ ਜਾ ਰਿਹਾ ਹੈ ਜੋ ਅੱਗੇ ਜਾ ਕੇ ਸਤਲੁਜ ਦਰਿਆ ਨੂੰ ਗੰਧਲਾ ਕਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਬੁੱਢੇ ਨਾਲੇ ਦਾ ਗੰਦਾ ਪਾਣੀ ਦਰਿਆਵਾਂ ਵਿੱਚ ਪਾਉਣਾ ਬੰਦ ਕੀਤਾ ਜਾਵੇ ਤੇ ਫੈਕਟਰੀਆਂ ਦਾ ਗੰਦਾ ਪਾਣੀ ਟਰੀਟ ਕਰ ਕੇ ਧਰਤੀ ਵਿੱਚ ਰੀਚਾਰਜ ਕੀਤਾ ਜਾਵੇ। ਇਸ ਮੌਕੇ ਸੁਦਾਗਰ ਸਿੰਘ ਘੁਡਾਣੀ, ਕੁਲਦੀਪ ਸਿੰਘ ਗਰੇਵਾਲ, ਕੇਵਲ ਸਿੰਘ ਭੜੀ, ਜਸਵੰਤ ਸਿੰਘ ਤੋਲੇਵਾਲ, ਬਹਾਲ ਸਿੰਘ ਢੀਡਸਾ ਤੇ ਤਿੰਨੋਂ ਜ਼ਿਲ੍ਹਿਆਂ ਦੇ ਬਲਾਕ ਆਗੂ ਵੀ ਹਾਜ਼ਰ ਸਨ।