ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਮਾਰਚ
ਇਥੋਂ ਦੇ ਭੰਡਾਰੀ ਪਾਰਕ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇਕੱਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਵੀਰ ਚੰਦ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਪੰਜ ਸਾਲ ਦੇ ਕਾਰਜਕਾਲ ’ਚ ਅਧੂਰਾ ਪੇਅ-ਕਮਿਸ਼ਨ ਲਾਗੂ ਕੀਤਾ। ਇਥੋਂ ਤੱਕ ਕਿ ਸਾਂਝੇ ਫਰੰਟ ਵੱਲੋਂ ਲਏ ਫ਼ੈਸਲੇ ਅਤੇ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਬੰਧੀ ਅਪਣਾਈ ਨਾ-ਪੱਖੀ ਨੀਤੀ ਹੀ ਕਾਂਗਰਸ ਦੀ ਹਾਰ ਦਾ ਕਾਰਨ ਬਣੀ ਹੈ। ਪ੍ਰਿੰਸੀਪਲ ਸਤੀਸ਼ ਦੂਆ ਅਤੇ ਰਾਏ ਸਿੰਘ ਨੇ ਆਮ ਆਦਮੀ ਪਾਰਟੀ ਦੀ ਜਿੱਤ ਉਪਰੰਤ ਖੰਨਾ ਦੇ ਨਵੇਂ ਬਣੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਨਸ਼ਨਰ ਉਮੀਦ ਕਰਦੇ ਹਨ ਕਿ ਨਵੀਂ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਰਵੱਈਆ ਅਪਣਾਉਂਦੇ ਹੋਏ ਜਲਦ ਧਿਆਨ ਦੇਵੇਗੀ। ਇਸ ਮੌਕੇ ਅਮਰਜੀਤ ਸਿੰਘ ਨੇ ਕਿਹਾ ਕਿ ਮੈਡੀਕਲ ਦੀਆਂ ਜਿਹੜੀਆਂ ਫਾਈਲਾਂ ਵਿਭਾਗਾਂ ਵਿਚ ਲੰਬੇ ਸਮੇਂ ਤੋਂ ਪਈਆਂ ਹਨ, ਉਨ੍ਹਾਂ ਨੂੰ ਹੱਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇ।