ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 12 ਸਤੰਬਰ
ਇੱਥੋਂ ਦੀ ਪੁਲੀਸ ਨੇ ਨਸ਼ਿਆਂ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੀ ਕਾਊਂਸਲਿੰਗ, ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਪ੍ਰੋਗਰਾਮ ਚਲਾਇਆ ਹੈ। ਇਸ ਦੇ ਨਾਲ-ਨਾਲ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਨੂੰ ਵੀ ਤੇਜ਼ ਕਰਨ ਦਾ ਦਾਅਵਾ ਕੀਤਾ ਹੈ। ਅਹਿਮਦਗੜ੍ਹ ਸਬ-ਡਿਵੀਜ਼ਨ ਤੋਂ ਇਲਾਵਾ ਮਾਲਰੇਕੋਟਲਾ ਜ਼ਿਲ੍ਹੇ ਅਧੀਨ ਪੈਂਦੇ ਥਾਣਿਆਂ ਤੋਂ ਕਰੀਬ 150 ਪੁਲੀਸ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਵਿਸ਼ੇਸ਼ ਸਿਖਲਾਈ ਦਿੱਤੀ ਗਈ ਜੋ ਕਿ ਹੁਣ ਨਸ਼ਿਆਂ ਦੇ ਆਦੀ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਾਊਂਸਲਿੰਗ ਕਰਨਗੇ। ਡੀਐੱਸਪੀ ਦਵਿੰਦਰ ਸਿੰਘ ਸੰਧੂ ਅਤੇ ਡੀਐੱਸਪੀ (ਸਪੈਸ਼ਲ ਬ੍ਰਾਂਚ) ਰਣਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਤੋਂ ਨਸ਼ਿਆਂ ਵਿਰੁੱਧ ਰਾਜ ਪੱਧਰੀ ਪ੍ਰੋਗਰਾਮ ਬਾਰੇ ਹਦਾਇਤਾਂ ਮਿਲਣ ਤੋਂ ਬਾਅਦ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਆਗੂਆਂ ਨੂੰ ਲਾਮਬੰਦ ਕਰਕੇ ਉਨ੍ਹਾਂ ਦੇ ਇਲਾਕਿਆਂ ਵਿੱਚ ਸ਼ਾਮ ਵੇਲੇ ਸਮਾਗਮ ਕਰਵਾਏ ਜਾ ਰਹੇ। ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਪ੍ਰੋਗਰਾਮ ਦੇ ਨਤੀਜਿਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸ਼ੁਰੂਆਤੀ ਤੌਰ ’ਤੇ ਨਸ਼ੇ ਦੇ ਆਦੀ ਲੋਕਾਂ ਦੀ ਕਾਉਂਸਲਿੰਗ ਲਈ 150 ਪੁਲਿਸ ਮੁਲਾਜ਼ਮਾਂ ਦੀ ਪਛਾਣ ਕੀਤੀ ਗਈ ਸੀ ਅਤੇ ਲੋੜ ਪੈਣ ’ਤੇ ਇਸ ਮਕਸਦ ਲਈ ਹੋਰ ਪੁਲੀਸ ਮੁਲਾਜ਼ਮਾਂ ਨੂੰ ਤਿਆਰ ਕੀਤਾ ਜਾਵੇਗਾ।