ਗੁਰੂਆਂ ਦੇ ਸਿਧਾਂਤਾਂ ’ਤੇ ਪਹਿਰਾ ਦੇਵੇ ਸੰਗਤ: ਗੜਗੱਜ
ਇੱਥੋਂ ਦੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ...
ਇੱਥੋਂ ਦੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਦਾ ਵਿਸ਼ਾ ‘ਜੀਵਨ, ਬਾਣੀ ਅਤੇ ਸ਼ਹਾਦਤ’ ਸੀ। ਸੈਮੀਨਾਰ ਵਿੱਚ 500 ਦੇ ਕਰੀਬ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਮੌਜੂਦ ਸਨ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਵੱਲੋਂ ਸਿਖਾਏ ਸਿਧਾਂਤਾਂ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸੈਮੀਨਾਰ ਦੀ ਪ੍ਰਧਾਨਗੀ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਥ ਨੇ ਹਮੇਸ਼ਾਂ ਹੱਕ ਸੱਚ ਲਈ ਲੜਾਈ ਲੜੀ ਹੈ ਅਤੇ ਸਭ ਨੂੰ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈ ਕੇ ਇਕਜੁੱਟਤਾ ਨਾਲ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕਰਨ ਦੀ ਨਿਰੰਤਰ ਲੋੜ ਹੈ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਅਤੇ ਚਰਨ ਸਿੰਘ ਆਲਮਗੀਰ, ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਇਕਬਾਲ ਸਿੰਘ ਨੇ ਸ਼ਹੀਦੀ ਸਾਕੇ ਦੌਰਾਨ ਸਿੱਖ ਜ਼ੁਲਮ ਅੱਗੇ ਦ੍ਰਿੜਤਾ ਅਤੇ ਬਿਨਾਂ ਡੋਲੇ ਜਿੱਤ ਪ੍ਰਾਪਤ ਕਰਨ ਵਾਲੇ ਸੰਘਰਸ਼ ਨੂੰ ਯਾਦ ਕਰਦੇ ਹੋਏ ਸਿਜਦਾ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਸੈਮੀਨਾਰ ਵਿੱਚ ਪ੍ਰਮੁੱਖ ਬੁਲਾਰਿਆਂ ਵਜੋਂ ਸੰਤ ਭਾਗ ਸਿੰਘ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਵਾਈਸ ਚਾਂਸਲਰ ਪ੍ਰੋ. ਸਤਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਭਾਈ ਵੀਰ ਚੇਅਰ ਦੇ ਸਾਬਕਾ ਮੁਖੀ ਪ੍ਰੋ. ਹਰਜੋਧ ਸਿੰਘ ਨੇ ਸ਼ਿਰਕਤ ਕੀਤੀ।

