ਗੁਰਿੰਦਰ ਸਿੰਘ
ਲੁਧਿਆਣਾ, 13 ਸਤੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਜ ਐਲਾਨੇ ਗਏ 64 ਉਮੀਦਵਾਰਾਂ ਵਿਚੋਂ ਲੁਧਿਆਣਾ ਜ਼ਿਲ੍ਹੇ ਦੇ 14 ਹਲਕਿਆਂ ’ਚੋਂ 9 ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਬਹੁਜਨ ਸਮਾਜ ਪਾਰਟੀ ਨਾਲ ਹੋਏ ਸਮਝੌਤੇ ਤਹਿਤ ਲੁਧਿਆਣਾ ਉੱਤਰੀ ਅਤੇ ਪਾਇਲ ਹਲਕੇ ਦੀ ਸੀਟ ਬਸਪਾ ਨੂੰ ਛੱਡੀ ਗਈ ਹੈ ਜਦਕਿ ਖੰਨਾ, ਰਾਏਕੋਟ ਅਤੇ ਲੁਧਿਆਣਾ ਦੱਖਣੀ ਦੇ ਉਮੀਦਵਾਰਾਂ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ। ਅੱਜ ਐਲਾਨੇ ਗਏ ਉਮੀਦਵਾਰਾਂ ਵਿੱਚੋਂ ਲੁਧਿਆਣਾ ਕੇਂਦਰੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਪ੍ਰਿਤਪਾਲ ਸਿੰਘ ਧਾਰਮਿਕ ਖੇਤਰ ਦੀ ਪ੍ਰਮੁੱਖ ਸਖ਼ਸ਼ੀਅਤ ਹਨ ਅਤੇ ਉਹ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜ ਰਹੇ ਹਨ ਜਦਕਿ ਗਰੇਵਾਲ ਨੇ 2019 ਵਿੱਚ ਲੋਕ ਸਭਾ ਦੀ ਚੋਣ ਲੜੀ ਸੀ ਅਤੇ ਉਹ ਰਵਨੀਤ ਸਿੰਘ ਬਿੱਟੂ ਕੋਲੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਇੱਕ ਵਾਰ ਇਸ ਹਲਕੇ ਤੋਂ ਵਿਧਾਇਕ ਚੁਣਕੇ ਮੰਤਰੀ ਵੀ ਬਣੇ ਸਨ। ਲੁਧਿਆਣਾ ਪੂਰਬੀ ਹਲਕੇ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਆਤਮ ਨਗਰ ਹਲਕੇ ਤੋਂ ਐਡਵੋਕੇਟ ਹਰੀਸ਼ ਰਾਏ ਢਾਂਡਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਗਿੱਲ, ਹਲਕਾ ਸਾਹਨੇਵਾਲ ਤੋਂ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਅਤੇ ਹਲਕਾ ਜਗਰਾਉਂ ਤੋਂ ਐੱਸਆਰ ਕਲੇਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅਕਾਲੀ ਦਲ ਵੱਲੋਂ ਹਲਕਾ ਖੰਨਾ, ਹਲਕਾ ਰਾਏਕੋਟ ਅਤੇ ਲੁਧਿਆਣਾ ਦੱਖਣੀ ਤੋਂ ਹਾਲੇ ਆਪਣੇ ਉਮੀਦਵਾਰਾਂ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ।