ਗੁਰਿੰਦਰ ਸਿੰਘ
ਲੁਧਿਆਣਾ, 25 ਜੂਨ
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਵੱਖ-ਵੱਖ ਗੁਰੂ ਘਰਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਵਿੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਸਿੱਖ ਪ੍ਰਚਾਰਕ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਬੀਬੀ ਬਲਜੀਤ ਕੌਰ ਤਲਵਾੜੇ ਵਾਲਿਆਂ ਨੇ ਕੀਰਤਨ ਕੀਤਾ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਜੀ.ਟੀ ਰੋਡ ਭੱਟੀਆ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਗੁਰੂਸਰ ਸੁਧਾਰ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਚ ਅੱਜ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਗੁਰੂਸਰ ਕਾਉਂਕੇ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜੈਕਾਰਿਆਂ ਦੀ ਗੂੰਜ ’ਚ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ’ਤੇ ਸਜਾ ਕੇ ਸੁੰਦਰ ਪਾਲਕੀ ’ਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਨੇ ਪੂਰੇ ਪਿੰਡ ਦੀ ਪਰਿਕਰਮਾ ਕੀਤੀ ਅਤੇ ਇਸ ਦੌਰਾਨ ਸੰਗਤਾਂ ਨੇ ਥਾਂ ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ।