ਖੰਨਾ (ਜੋਗਿੰਦਰ ਸਿੰਘ ਓਬਰਾਏ): ਇੱਥੋਂ ਦੀ ਮਾਲੇਰਕੋਟਲਾ ਰੋਡ ’ਤੇ ਸਥਿਤ ਨਰੇਸ਼ ਚੰਦਰ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ ਖੇਡਾਂ’ ਦਾ ਆਰੰਭ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਦਾ ਉਦਘਾਟਨ ਕਰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ ਦੀ ਤੰਦਰੁਸਤੀ ਲਈ ਜ਼ਰੂਰੀ ਹਨ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅਹਿਮ ਕਦਮ ਉਠਾਏ ਜਾ ਰਹੇ ਹਨ। ਵਿਧਾਇਕ ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਨਸ਼ੇ ਤਿਆਗ ਕੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਅਤੇ ਪੰਜਾਬ ਦਾ ਨਾਂਅ ਚਮਕਾਉਣ। ਇਸ ਮੌਕੇ ਐੱਸਡੀਐੱਮ ਮਨਜੀਤ ਕੌਰ, ਤਹਿਸੀਲਦਾਰ ਮਨਦੀਪ ਸਿੰਘ ਭੋਗਲ, ਈਓ ਗੁਰਪਾਲ ਸਿੰਘ, ਦਲਬੀਰ ਸਿੰਘ, ਕੋਚ ਭੁਪਿੰਦਰ ਸਿੰਘ ਤੇ ਭੁਪਿੰਦਰ ਸਿੰਘ ਸੌਂਦ ਹਾਜ਼ਰ ਸਨ।