ਸਤਵਿੰਦਰ ਬਸਰਾ
ਲੁਧਿਆਣਾ, 29 ਜੁਲਾਈ
ਪੀਏਯੂ ਵਿਦਿਆਰਥੀ ਯੂਨੀਅਨ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕਿ ਦਿੱਤਾ ਜਾ ਰਿਹਾ ਰੋਸ ਧਰਨਾ ਮਘਦਾ ਜਾ ਰਿਹਾ ਹੈ। ਅੱਜ ਇਨ੍ਹਾਂ ਵਿਦਿਆਰਥੀਆਂ ਨੇ ਗੇਟ ਨੰਬਰ ਇੱਕ ਦੇ ਬਾਹਰ ਲੁਧਿਆਣਾ-ਫਿਰੋਜ਼ਪੁਰ ਸੜਕ ’ਤੇ ਜੁੱਤੀਆਂ ਪਾਲਿਸ਼ ਕਰਕੇ ਰੋਸ ਜ਼ਾਹਿਰ ਕੀਤਾ। ਵਿਦਿਆਰਥੀ ਆਗੂਆਂ ਦਾ ਕਹਿਣਾ ਸੀ ਕਿ ਪੜ੍ਹੇ-ਲਿਖੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਪਰ ਸਰਕਾਰ ਨੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਵਾਲੇ ਪਾਸੇ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ।
ਤੀਜੇ ਦਿਨ ਵੀ ਪੀਏਯੂ ਦੇ ਵਿਦਿਆਰਥੀਆਂ ਦਾ ਰੋਸ ਧਰਨਾ ਜਾਰੀ ਰਿਹਾ। ਅੱਜ ਇਨ੍ਹਾਂ ਵਿਦਿਆਰਥੀਆਂ ਨੇ ਰੋਸ ਵਜੋਂ ਸਬਜ਼ੀਆਂ ਵੇਚੀਆਂ ਅਤੇ ਲੋਕਾਂ ਦੀਆਂ ਜੁੱਤੀਆਂ ਤੱਕ ਪਾਲਿਸ਼ ਕੀਤੀਆਂ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇੱਕ ਪਾਸੇ ਤਾਂ ਸਰਕਾਰ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀਆਂ ਸਲਾਹਾਂ ਦੇ ਰਹੀ ਹੈ ਪਰ ਦੂਜੇ ਪਾਸੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨਾ ਭਰ ਕਿ ਉਨ੍ਹਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੁੱਟ ਰਹੀ ਹੈ। ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਨੇ ਕਿਹਾ ਕਿ ਹੁਣ ਉਨ੍ਹਾਂ ਨੇ ਪੜ੍ਹਾਈ ਦੇ ਨਾਲ ਨਾਲ ਸਬਜ਼ੀ ਵੇਚਣ ਅਤੇ ਜੁੱਤੀਆਂ ਪਾਲਿਸ਼ ਕਰਨ ਦਾ ਤਜ਼ਬਰਾ ਵੀ ਹਾਸਲ ਕਰ ਲਿਆ ਹੈ। ਉਨ੍ਹਾਂ ਵੱਲੋਂ ਸੂਬੇ ਵਿੱਚ ਏਡੀਓ, ਐਚਡੀਓ, ਐਸਸੀਓ ਅਤੇ ਏਐਸਆਈ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਜਾ ਰਹੀ ਹੈ। ਉਹ ਸਰਕਾਰ ਦੇ ਨੁਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ ਪਰ ਕਿਸੇ ਨੇ ਵੀ ਇਹ ਅਸਾਮੀਆਂ ਨੂੰ ਭਰਨ ਵਲ ਕਦਮ ਨਹੀਂ ਚੁੱਕਿਆ ਜਿਸ ਕਾਰਨ ਮਜਬੂਰ ਹੋ ਕਿ ਉਨ੍ਹਾਂ ਨੂੰ ਰੋਸ ਧਰਨੇ ਵਾਲਾ ਕਦਮ ਚੁੱਕਣਾ ਪਿਆ ਹੈ। ਰੋਸ ਧਰਨੇ ’ਤੇ ਬੈਠੇ ਪੀਐਚਡੀ,ਐਮਐਸਸੀ ਅਤੇ ਬੀਐਸਸੀ (ਐਗਰੀਕਲਚਰ) ਦੇ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਉਕਤ ਖਾਲੀ ਅਸਾਮੀਆਂ ਭਰੀਆਂ ਨਹੀਂ ਜਾਂਦੀਆਂ, ਇਹ ਰੋਸ ਧਰਨਾ ਜਾਰੀ ਰੱਖਿਆ ਜਾਵੇਗਾ।