ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਸਤੰਬਰ
ਲੁਧਿਆਣਾ ਅਤੇ ਆਸ-ਪਾਸ ਦੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਿੱਥੇ ਵੱਖ-ਵੱਖ ਸਕੂਲਾਂ ਵਿੱਚ ਪਾਰਟੀਆਂ ਕੀਤੀਆਂ ਉੱਥੇ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਥਾਨਕ ਜੀਐੱਨਕੇਸੀਡਬਲਿਯੂ ਵਿੱਚ ਵੀ ਅਧਿਆਪਕ ਦਿਵਸ ਦੀਆਂ ਰੌਣਕਾਂ ਲੱਗੀਆਂ। ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਡਾ. ਐੱਸ. ਰਾਧਾ ਕ੍ਰਿਸ਼ਨਨ ਨੂੰ ਮਹਾਨ ਅਧਿਆਪਕ ਦੱਸਦਿਆਂ ਸਾਰਿਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਬਸੰਤ ਸਿਟੀ ਦੇ ਬਲੂ ਬੈਲਜ ਪਬਲਿਕ ਸਕੂਲ ਵਿੱਚ ਵੀ ਸਮਾਗਮ ਕਰਵਾਇਆ ਗਿਆ। ਡਾਇਰੈਕਟਰ ਹਰਜਿੰਦਰ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਜੀਜੀਐਨ ਪਬਲਿਕ ਸਕੂਲ ਵਿੱਚ ਵੀ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਖਾਲਸਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ, ਡਾਇਰੈਕਟਰ ਮਨਜੀਤ ਸਿੰਘ ਛਾਬੜਾ, ਹਰਦੀਪ ਸਿੰਘ ਅਤੇ ਹਰਸ਼ਰਨ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸਕੂਲ ਵਿੱਚ ਪਿਛਲੇ 25 ਸਾਲਾਂ ਤੋਂ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ ’ਚ ਅਧਿਆਪਕ ਦਿਵਸ ਮਨਾਇਆ ਗਿਆ। ਦ੍ਰਿਸ਼ਟੀ ਡਾ. ਆਰਸੀ ਜੈਨ ਪਬਲਿਕ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਡਾਂਸ ਅਤੇ ਨਾਟਕਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਕੇਕ ਕੱਟਿਆ ਗਿਆ ਅਤੇ ਹੋਰ ਕਈ ਗਤੀਵਿਧੀਆਂ ਕਰਵਾਈਆਂ ਗਈਆਂ।
ਸਮਰਾਲਾ (ਪੱਤਰ ਪ੍ਰੇਰਕ): ਨਨਕਾਣਾ ਸਾਹਿਬ ਪਬਲਿਕ ਸਕੁੂਲ ਵਿਚ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਰੇਵਾ ਟੰਡਨ ਨੇ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੀ ਤਸਵੀਰ ਅੱਗੇ ਜੋਤ ਜਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਜੀਵਨ ਬਾਰੇ ਰੌਸ਼ਨੀ ਪਾਉਂਦਿਆਂ ਬੱਚਿਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਤੋਂ ਜਾਣੂ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਨੇ ਆਧਿਆਪਕਾਂ ਨੂੰ ਕਾਰਡ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਟੰਡਨ ਨੇ ਸਮੂਹ ਅਧਿਆਪਕਾਂ ਨੂੰ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਆ।
ਖੰਨਾ (ਪੱਤਰ ਪ੍ਰੇਰਕ): ਇਥੋਂ ਦੇ ਏ.ਐੱਸ.ਕਾਲਜ ਫਾਰ ਵਿਮੈੱਨ ਵਿੱਚ ਸੰਸਕ੍ਰਿਤ ਵਿਭਾਗ ਵੱਲੋਂ ਅਧਿਆਪਕ ਦਿਵਸ ਪ੍ਰਿੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ਹੇਠਾਂ ਮਨਾਇਆ ਗਿਆ।
ਅਧਿਆਪਕਾਂ ਵੱਲੋਂ ਕਾਲੇ ਬਿੱਲੇ ਲਾ ਕੇ ਮੁਜ਼ਾਹਰਾ
ਜਗਰਾਉਂ (ਪੱਤਰ ਪ੍ਰੇਰਕ): ਸਰਕਾਰੀ ਸਨਮਤੀ ਵਿਗਿਆਨ ਅਤੇ ਖੋਜ ਕਾਲਜ ਜਗਰਾਉਂ ਦੇ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਮੌਕੇ ਸੂਬਾ ਸਰਕਾਰ ਦੀਆਂ ਸੌੜੀਆਂ ਨੀਤੀਆਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਕਾਲਜ ਦੇ ਉਪ-ਡਾਇਰੈਕਟਰ ਪ੍ਰੋ. ਨਿਰਮਲ ਸਿੰਘ ਨੇ ਆਖਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਅਧਿਆਪਕ ਵਰਗ ਦੀਆਂ ਮੁਸ਼ਕਲਾਂ ਨੂੰ ਅੱਖੋਂ ਪਰੋਖੇ ਕੀਤਾ ਹੈ । ਪਰ ਅਧਿਆਪਕ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਅਧਿਕਾਰਾਂ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ । ਉਨ੍ਹਾਂ ਆਖਿਆ ਕਿ ਕਰੋਨਾ ਮਹਾਮਾਰੀ ਦੇ ਕਾਰਜਕਾਲ ਦੌਰਾਨ ਅਧਿਆਪਕ ਵਰਗ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ। ਇਸ ਪਰਖ ਦੀ ਘੜੀ ’ਚ ਅਧਿਆਪਨ ਸਿੱਖਣ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ। ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਆਖਿਆ ਕਿ ਅਧਿਆਪਕਾਂ ਸਮੇਤ ਸਾਰੇ ਵਰਗਾਂ ਦੀਆਂ ਸਥਿਤੀਆਂ ਨੂੰ ਸਰਕਾਰ ਵੱਲੋਂ ਸਮਝਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਬਿਨਾਂ ਦੇਰੀ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਮੁਲਜ਼ਮ ਵਰਗ ਦੀਆਂ ਮੰਗਾਂ ਦੇ ਅਨੁਕੂਲ ਲਾਗੂ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਮੁਲਜ਼ਮ ਵਰਗ ਵੱਲੋਂ ਆਰੰਭੇ ਸਘੰਰਸ਼ ਦੀ ਹਮਾਇਤ ਕਰਦਿਆਂ ਸਰਕਾਰ ਵਿਰੋਧੀ ਨਾਅਰੇ ਲਗਾਏ ਅਤੇ ਕਾਲੇ ਬਿੱਲੇ ਲਗਾ ਕੇ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਕਾਲਜ ਦੇ ਅਧਿਆਪਕ ਵੱਡੀ ਗਿਣਤੀ ’ਚ ਹਾਜ਼ਰ ਸਨ।