ਪੱਤਰ ਪ੍ਰੇਰਕ
ਦੋਰਾਹਾ, 2 ਸਤੰਬਰ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਅਧਿਆਪਕ, ਹੋਰ ਕਰਮਚਾਰੀ ਯੂਨੀਅਨ ਤੇ ਪੰਜਾਬ ਏਡਿਡ ਸਕੂਲ ਪੈਨਸ਼ਨਰ ਸੈੱਲ ਦੀ ਸੂਬਾ ਐਕਸ਼ਨ ਕਮੇਟੀ ਵੱਲੋਂ ਅੱਜ ਕੀਤੀ ਗਈ ਮੀਟਿੰਗ ਵਿੱਚ ਅਧਿਆਪਕ ਦਿਵਸ ਮੌਕੇ ਪੰਜ ਸਤੰਬਰ ਨੂੰ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਅਤੇ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਵਾਅਦਿਆਂ ਦੇ ਉਲਟ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਹਾਲੇ ਤੱਕ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਲਾਭ ਨਹੀਂ ਦਿੱਤਾ। ਇਸ ਸਬੰਧੀ ਜਥੇਬੰਦੀ ਵੱਲੋਂ ਵਾਰ ਵਾਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਪਰ ਇਸ ਮੰਗ ’ਤੇ ਕੋਈ ਗੰਭੀਰਤਾ ਨਹੀਂ ਦਿਖਾਈ ਗਈ, ਜਿਸ ਕਾਰਨ ਹੁਣ ਰੋਸ ਵਜੋਂ ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਅਧਿਕਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਣ ਮਗਰੋਂ ਸਮਾਗਮ ਦਾ ਘਿਰਾਓ ਕਰਨਗੇ। ਇਸ ਮੌਕੇ ਪ੍ਰਦੀਪ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਰਮਨਦੀਪ ਕੌਰ, ਜਸਵੀਰ ਕੌਰ, ਸੁਨੀਤਾ ਰਾਣੀ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।