ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਅਕਤੂਬਰ
ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਲਗਾਉਣ ਵਾਲੀ ਲੁਧਿਆਣਾ ਟਿੱਪਰ ਐਸੋਸੀਏਸ਼ਨ ਨੇ ਅੱਜ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਕੁਲਵੰਤ ਸਿੰਘ ਸਿੱਧੂ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਹੈ। ਦੋਵਾਂ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਸੀ। ਵਿਧਾਇਕ ਗੋਗੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਮਾਈਨਿੰਗ ਨੀਤੀ ਅਨੁਸਾਰ ਅਤੇ ਖਣਨ ਅਤੇ ਭੂ-ਵਿਗਿਆਨ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਪਿੰਡ ਰਤਨਗੜ੍ਹ ਦੀ ਇੱਕ ਸਾਈਟ ’ਤੇ ਮਾਈਨਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਦਕਿ ਬਾਕੀ ਥਾਵਾਂ ’ਤੇ ਵੀ ਆਉਣ ਵਾਲੇ ਸਮੇਂ ਵਿੱਚ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਮਾਈਨਿੰਗ ਨੀਤੀ ਅਨੁਸਾਰ ਪਹਿਲੀ ਅਕਤੂਬਰ ਤੋਂ ਜ਼ਿਲ੍ਹੇ ਵਿੱਚ ਖਣਨ ਦਾ ਕੰਮ ਹਰ ਹੀਲੇ ਸ਼ੁਰੂ ਕੀਤਾ ਜਾ ਰਿਹਾ। ਪੰਜਾਬ ਵਿੱਚ ਪਹਿਲੀ ਤੋਂ 30 ਜੁਲਾਈ ਤੱਕ ਬਰਸਾਤ ਦੇ ਸੀਜ਼ਨ ਦੌਰਾਨ ਦਰਿਆਈ ਰੇਤ ਦੀ ਖੁਦਾਈ ’ਤੇ ਮੁਕੰਮਲ ਪਾਬੰਦੀ ਸੀ, ਪਰ ਹੁਣ ਮੌਨਸੂਨ ਸੀਜ਼ਨ ਖ਼ਤਮ ਹੋ ਗਿਆ ਅਤੇ ਮਾਈਨਿੰਗ ਦਾ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਗੋਗੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਬਾਅਦ ਵਿੱਚ ਇਸ ਸਬੰਧੀ ਮੁੱਖ ਮੰਤਰੀ ਅਤੇ ਟਿੱਪਰ ਮਾਲਕਾਂ ਦੇ ਵਫ਼ਦ ਵਿਚਕਾਰ ਮੀਟਿੰਗ ਵੀ ਹੋਈ। ਇਸ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਸਲੇ ਦੇ ਹੱਲ ਲਈ ਸਰਕਾਰ ਦਾ ਧੰਨਵਾਦ ਕੀਤਾ।