ਪੱਤਰ ਪ੍ਰੇਰਕ
ਰਾਏਕੋਟ, 29 ਜਨਵਰੀ
ਰਾਏਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ, ਅਕਾਲੀ-ਬਸਪਾ ਤੇ ਆਪ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਹੋਇਆ ਹੈ ਤੇ ਅੱਜ ‘ਸੰਯੁਕਤ ਸਮਾਜ ਮੋਰਚਾ’ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਦਫਤਰ ਖੋਲ੍ਹ ਕੇ ਚੋਣ ਪ੍ਰਚਾਰ ’ਚ ਸ਼ਾਮਲ ਹੋ ਗਿਆ ਹੈ। ਸੰਯੁਕਤ ਸਮਾਜ ਮੋਰਚੇ ਵੱਲੋਂ ਡਾ. ਜਗਤਾਰ ਸਿੰਘ ਸਾਬਕਾ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਉਮੀਦਵਾਰ ਡਾ. ਜਗਤਾਰ ਸਿੰਘ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਸਾਰੇ ਉਮੀਦਵਾਰ ਸਾਫ-ਸੁਥਰੇ ਅਕਸ ਵਾਲੇ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ ਤੇ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਇਕ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਭਾਵੇਂ ਕੁੱਝ ਕਿਸਾਨ ਜੱਥੇਬੰਦੀਆਂ ਕਿਸਾਨਾਂ ਦੀ ਰਾਜਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਈਆ ਪਰ ਅੰਦਰਖਾਤੇ ਉਨ੍ਹਾਂ ਦਾ ਸਮਰਥਨ ਉਨ੍ਹਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ, ਇਸ ਵਾਰ ਉਹ ਜੁਝਾਰੂ ਪਾਰਟੀ, ਸੰਯੁਕਤ ਸਮਾਜ ਮੋਰਚੇ ਨੂੰ ਇਕ ਮੌਕਾ ਜ਼ਰੂਰ ਦੇਣ।