ਬੀਬੀਆਂ ਨੇ ਟੌਲ ਪਲਾਜ਼ਿਆਂ ’ਤੇ ਮੋਰਚੇ ਸਾਂਭੇ

ਬੀਬੀਆਂ ਨੇ ਟੌਲ ਪਲਾਜ਼ਿਆਂ ’ਤੇ ਮੋਰਚੇ ਸਾਂਭੇ

ਚੌਕੀਮਾਨ ਟੌਲ ਪਲਾਜ਼ਾ ’ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਕਿਸਾਨ ਔਰਤਾਂ।-ਫੋਟੋ: ਗਿੱਲ

ਜੋਗਿੰਦਰ ਸਿੰਘ ਓਬਰਾਏ
ਖੰਨਾ, 30 ਅਕਤੂਬਰ

ਪੰਜਾਬ ਵਿੱਚ ਵੱਖ ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੇ ਕਿਸਾਨੀ ਕਰਜ਼ੇ ਮੁਆਫ਼ ਕਰਨ ਆਦਿ ਮੰਗਾਂ ਲਈ ਇਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਤਹਿਤ 27ਵੇਂ ਦਿਨ ਵੀ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਧਰਨਾ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਅਤੇ ਗੁਰਦੀਪ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਮੱਥਾ ਲਾਇਆ ਹੈ, ਜਿਸ ਤੋਂ ਕਿਸਾਨ ਡਰਨ ਜਾਂ ਦੱਬਣ ਵਾਲੇ ਨਹੀਂ। ਕੇਂਦਰ ਨੇ ਨਵਾਂ ਨਾਦਰਸ਼ਾਹੀ ਹੁਕਮ ਚਾੜ੍ਹ ਕੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਣਦਾ 1 ਹਜ਼ਾਰ ਕਰੋੜ ਦਾ ਫੰਡ ਰੋਕ ਲਿਆ ਹੈ, ਜਿਸ ਅੱਗੇ ਸੂਬੇ ਦੇ ਕਿਸਾਨ ਝੁਕਣਗੇ ਨਹੀਂ।  

ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਬੌਖਲਾਹਟ ਵਿੱਚ ਆ ਕੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਵੱਲੋਂ ਰੇਲ ਪਟੱੜੀਆਂ ਤੋਂ ਧਰਨੇ ਚੁੱਕੇ ਜਾਣ ਦੇ ਬਾਵਜੂਦ ਪੰਜਾਬ ਵਿੱਚ ਮਾਲਗੱਡੀਆਂ ਨਾ ਚਲਾਉਣ ਦੇ ਫੈਸਲੇ ਨੂੰ ਮੋਦੀ ਸਰਕਾਰ ਦੀ ਬਦਲੇ ਵਾਲੀ ਕਾਰਵਾਈ ਦੱਸਦਿਆ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕਿਸਾਨ ਅੰਦੋਲਨ ’ਤੇ ਕੋਈ ਫਰਕ ਪੈਣ ਵਾਲਾ ਨਹੀਂ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਗਟਾਉਣ ਲਈ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦੇ ਐਲਾਨੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਇਲਾਕੇ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਵਪਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। 

 ਜਗਰਾਉਂ (ਪੱਤਰ ਪ੍ਰੇਰਕ): ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਸੰਘਰਸ਼ ਨੂੰ 30 ਦਿਨ ਹੋ ਗਏ ਹਨ ਪ੍ਰੰਤੂ ਧਰਨਿਆਂ ’ਤੇ ਬੈਠੇ ਕਿਸਾਨਾਂ ਦੇ ਚਿਹਰਿਆਂ ’ਤੇ ਕੋਈ ਵੀ ਘਬਰਾਰਟ ਜਾਂ ਚਿੰਤਾ ਦੀ ਝਲਕ ਨਜ਼ਰ ਨਹੀਂ ਆ ਰਹੀ। ਕਿਸਾਨ ਬੀਬੀਆਂ ਦੀ ਧਰਨਿਆਂ ’ਚ ਵੱਡੀ ਸਮੂਲੀਅਤ ਨੇ ਸੰਘਰਸ਼ ਨੂੰ ਹੋਰ ਮਜ਼ਬੂਤੀ ਦਿੱਤੀ ਹੈ। 

 ਚੌਂਕੀਮਾਨ ਟੌਲ, ਰਿਲਾਇੰਸ ਪੰਪ ’ਤੇ ਵੀ ਲਗਾਤਾਰ ਧਰਨਾ ਜਾਰੀ ਹੈ। ਕੰਵਲਜੀਤ ਖੰਨਾ ਨੇ ਧਰਨੇ ਦੌਰਾਨ ਐਲਾਨ ਕੀਤਾ ਕਿ 2 ਨਵੰਬਰ ਨੂੰ ਹਿੱਸੋਵਾਲ ਟੌਲ ’ਤੇ ਨਾਟਕ ਖੇਡਿਆ ਜਾਵੇਗਾ ਅਤੇ 5 ਨੂੰ ਚੌਂਕੀਮਾਨ ਟੌਲ ’ਤੇ ਪੂਰਾ ਦਿਨ ਚੱਕਾ ਜਾਮ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ’ਚ ਲਾਮਬੰਦੀ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਅਤੇ ਇਸ ਦਾ ਘੇਰਾ ਦੇਸ਼ ਭਰ ਵਿਚ ਵਧਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਕਿਸਾਨ ਇਕਾਈਆਂ ਦੇ ਗਠਨ ਦਾ ਕੰ ਨਿਰੰਤਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਹੰਬੜਾਂ ਦੀ ਅਗਵਾਈ ਵਿਚ ਪਿੰਡ ਮਡਿਆਣੀ ਦੇ ਕਿਸਾਨਾਂ ਨੇ 5 ਨਵੰਬਰ ਦੇ ਦੇਸ਼ ਭਰ ਵਿਚ ਚੱਕਾ ਜਾਮ ਦੇ ਪ੍ਰੋਗਰਾਮ ਦੀ ਸਫਲਤਾ ਲਈ ਤਿਆਰੀ ਮੀਟਿੰਗ ਕੀਤੀ। ਇਸ ਮੌਕੇ ਪ੍ਰਭਦੀਪ ਸਿੰਘ ਪ੍ਰਧਾਨ, ਵਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਸਿੰਘ ਸਕੱਤਰ, ਗੁਰਦੀਪ ਸਿੰਘ ਸਹਾਇਕ ਸਕੱਤਰ, ਸ਼ਿੰਗਾਰਾ ਸਿੰਘ ਖ਼ਜ਼ਾਨਚੀ ਅਤੇ ਕਮੇਟੀ ਦੀ ਚੋਣ ਕੀਤੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਲਾਕਾ ਕਨਵੀਨਰ ਗੁਰਪ੍ਰੀਤ ਸਿੰਘ ਨੂਰਪੁਰਾ, ਚਰਨ ਸਿੰਘ ਨੂਰਪੁਰਾ ਅਤੇ ਗੁਰਮੇਲ ਸਿੰਘ ਅਹਿਮਦਗੜ੍ਹ ਦੀ ਅਗਵਾਈ ਵਿਚ ਪਿੰਡ ਭੈਣੀ ਬੜਿੰਗਾਂ ਵਿਚ ਨਵੀਂ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ਜਗਰੂਪ ਸਿੰਘ ਪ੍ਰਧਾਨ, ਅਜਮੇਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਊਧਮ ਸਿੰਘ ਸਕੱਤਰ, ਕਰਮਜੀਤ ਸਿੰਘ ਸਹਾਇਕ ਸਕੱਤਰ ਅਤੇ ਜਗਦੀਸ਼ ਕੁਮਾਰ ਖ਼ਜ਼ਾਨਚੀ ਚੁਣੇ ਗਏ। 

ਕਿਸਾਨਾਂ ਦੇ ਝੋਨੇ ਦੀ ਸਾਂਭ ਸੰਭਾਲ ਵਿਚ ਉਲਝੇ ਹੋਣ ਦੇ ਬਾਵਜੂਦ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਪਰ ਚੌਕੀਮਾਨ ਨੇੜੇ ਧਰਨਾ ਲਾਇਆ ਜਿਸ ਵਿਚ ਵੱਡੀ ਗਿਣਤੀ ਔਰਤਾਂ ਨੇ ਮੋਰਚਾ ਸੰਭਾਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਹੰਬੜਾਂ ਦੀ ਅਗਵਾਈ ’ਚ ਅਣਮਿਥੇ ਸਮੇਂ ਦੇ ਧਰਨੇ ’ਚ ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਵੱਲੋਂ ਇਨਕਲਾਬੀ ਕਵੀਸ਼ਰੀਆਂ ਅਤੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਹਰਕੇਸ਼ ਚੌਧਰੀ ਦੇ ਨਿਰਦੇਸ਼ਨ ਹੇਠ ਖੇਤੀ ਬਿੱਲਾਂ ਖ਼ਿਲਾਫ਼ ਨਾਟਕ ‘ਉੱਠਣ ਦਾ ਵੇਲਾ’ ਖੇਡਿਆ ਗਿਆ। 

ਪਰਾਲੀ ਸਬੰਧੀ ਆਰਡੀਨੈਂਸ ਵਾਪਸ ਲੈਣ ਦੀ ਮੰਗ 

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਉਸ ਆਰਡੀਨੈਂਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਦੇ ਹਵਾਲੇ ਕਰਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਜਾਂ 5 ਸਾਲ ਸਖ਼ਤ ਕੈਦ ਦੇ ਹੁਕਮ ਦਿੱਤੇ ਗਏ ਹਨ। ਮੀਟਿੰਗ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ ਜੋ ਸਰਕਾਰ ਦੀ ਕਿਸਾਨੀ ਪ੍ਰਤੀ ਨੀਯਤ ਅਤੇ ਨੀਤੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਲਈ ਇੱਕ ਹੋਰ ਕਾਲੇ ਕਾਨੂੰਨ ਨੂੰ ਲਾਗੂ ਕਰ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All