ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਅਕਤੂਬਰ
ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਜਾਅਲੀ ਸਬੂਤਾਂ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਮੁਲਜ਼ਮਾਂ ਦੀਆਂ ਜ਼ਮਾਨਤਾਂ ਕਰਵਾਉਣ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਪੁਲੀਸ ਨੇ ਸੂਚਨਾ ਮਿਲਣ ’ਤੇ ਫਿਰੋਜ਼ ਗਾਂਧੀ ਮਾਰਕੀਟ ਵਿੱਚ ਛਾਪੇਮਾਰੀ ਕੀਤੀ ਤੇ ਨਵਦੀਪ ਸਿੰਘ ਵਾਸੀ ਗੁਰੂ ਨਾਨਕਪੁਰਾ, ਰਾਹੁਲ ਕੁਮਾਰ ਵਾਸੀ ਆਨੰਦ ਵਿਹਾਰ ਤੇ ਮਨੋਜ ਕੁਮਾਰ ਵਾਸੀ ਮੋਤੀ ਬਾਗ ਕਲੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਚਹਿਰੀਆਂ ਵਿੱਚ ਕੁਝ ਲੋਕ ਜਾਅਲੀ ਸਬੂਤ ਅਤੇ ਦਸਤਾਵੇਜ਼ ਲਗਾ ਕੇ ਮੁਲਜ਼ਮਾਂ ਦੀਆ ਜ਼ਮਾਨਤਾਂ ਕਰਵਾਉਂਦੇ ਹਨ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।