ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
ਵਧੀਕ ਡਿਪਟੀ ਕਮਿਸ਼ਨਰ ਪੁਲੀਸ ਜ਼ੋਨ- 1 ਸਮੀਰ ਵਰਮਾ ਅਤੇ ਸਹਾਇਕ ਕਮਿਸ਼ਨਰ ਪੁਲੀਸ ਅਨਿਲ ਕੁਮਾਰ ਭਨੋਟ ਨੇ ਦੱਸਿਆ ਕਿ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਡਿਵੀਜ਼ਨ ਨੰਬਰ 3 ਦੀ ਅਗਵਾਈ ਹੇਠ ਰਵੀ ਕੁਮਾਰ ਇੰਚਾਰਜ ਚੌਕੀ ਧਰਮਪੁਰਾ ਦੀ ਪੁਲੀਸ ਪਾਰਟੀ ਵੱਲੋਂ 2 ਨਸ਼ਾ ਤਸਕਰਾਂ ਮਨੀਸ਼ ਕੁਮਾਰ ਵਾਸੀ ਜ਼ਿਲ੍ਹਾ ਪ੍ਰਤਾਪਗੜ੍ਹ (ਉੱਤਰ ਪ੍ਰਦੇਸ਼) ਅਤੇ ਰਾਹੁਲ ਕੁਮਾਰ ਵਾਸੀ ਜ਼ਿਲ੍ਹਾ ਦੇਵਰੀਆ (ਉੱਤਰ ਪ੍ਰਦੇਸ਼) ਤੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 3 ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਜਣਿਆਂ ਨੂੰ ਕਸ਼ਮੀਰ ਨਗਰ ਚੌਕ ਨੇੜੇ ਤਾਜਪੁਰ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮਨੀਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਵੱਲੋਂ ਗਸ਼ਤ ਦੌਰਾਨ ਪੁਰਾਣੀ ਜੇਲ੍ਹ ਰੋਡ ਨੇੜੇ ਪੈਟਰੋਲ ਪੰਪ ਤੋਂ ਥਾਣੇਦਾਰ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਵਿਕਰਾਂਤ ਜੈਨ ਵਾਸੀ ਵਿਜੈ ਇੰਦਰ ਨਗਰ ਨੂੰ ਸੀ ਐੱਮ ਸੀ ਹਸਪਤਾਲ ਤਰਫੋਂ ਪੈਦਲ ਆਉਂਦਿਆਂ ਸ਼ੱਕ ’ਤੇ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
