ਸ਼ਰਧਾਂਜਲੀ ਸਮਾਗਮ ਮੌਕੇ ਵੱਲੋਂ ਸੁਰੱਖਿਆ ਦੇ ਸਖ਼ਤ ਬੰਦੋਬਸਤ
ਗ਼ਦਰ ਲਹਿਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਰਧਾਂਜਲੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਅਤੇ ਮੁਲਾਜ਼ਮ ਜਾਂ ਜਨਤਕ ਜਥੇਬੰਦੀ ਵੱਲੋਂ ਕਿਸੇ ਕਿਸਮ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲੀਸ ਨੇ ਸੁਰੱਖਿਆ ਦਾ ਸਖ਼ਤ ਬੰਦੋਬਸਤ ਕੀਤਾ ਹੋਇਆ ਸੀ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਸਤਿੰਦਰ ਸਿੰਘ ਡੀ ਆਈ ਜੀ ਲੁਧਿਆਣਾ ਰੇਂਜ ਅਤੇ ਡਾ. ਅੰਕੁਰ ਗੁਪਤਾ ਜ਼ਿਲ੍ਹਾ ਪੁਲੀਸ ਮੁਖੀ ਲੁਧਿਆਣਾ (ਦਿਹਾਤੀ) ਖ਼ੁਦ ਕਰ ਰਹੇ ਸਨ। ਲੁਧਿਆਣਾ ਦਿਹਾਤੀ ਤੋਂ ਇਲਾਵਾ ਲੁਧਿਆਣਾ ਕਮਿਸ਼ਨਰੇਟ ਅਤੇ ਜਲੰਧਰ ਜ਼ਿਲ੍ਹੇ ਤੋਂ ਵੀ ਪੁਲੀਸ ਮੁਲਾਜ਼ਮ ਅਤੇ ਅਧਿਕਾਰੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ। ਪੱਤਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਕਾਰਨ ਸੀਨੀਅਰ ਪੁਲੀਸ ਅਧਿਕਾਰੀ ਕਾਫ਼ੀ ਨੇੜਿਓਂ ਨਜ਼ਰ ਰੱਖ ਰਹੇ ਸਨ। ਉੱਧਰ, ਹਵਾਈ ਅੱਡੇ ਨੂੰ ਜ਼ਮੀਨ ਦੇਣ ਵਾਲੇ ਪੀੜਤ ਕਿਸਾਨਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਸੂਚਨਾ ਮਿਲਣ ਮਗਰੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਨੇ ਐਤੀਆਣਾ ਦੇ ਕਿਸਾਨਾਂ ਤੋਂ ਮੰਗ-ਪੱਤਰ ਹਾਸਲ ਕਰ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। ਸਾਬਕਾ ਸਰਪੰਚ ਲਖਵੀਰ ਸਿੰਘ ਅਤੇ ਇੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੰਗ-ਪੱਤਰ ਦੇਣ ਪਹੁੰਚੇ ਕਿਸਾਨਾਂ ਦੇ ਵਫ਼ਦ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।
