ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 19 ਜੂਨ
ਇੱਥੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਕਿਸਾਨਾਂ ਮਜ਼ਦੂਰਾਂ ਦੇ ਚੱਲ ਰਹੇ ਲਗਾਤਾਰ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਹਰ ਹਰਬਾ ਵਰਤ ਰਹੀ ਹੈ, ਖੇਤੀ ਮੰਤਰੀ ਨਰਿੰਦਰ ਤੋਮਰ ਦਾ ਤਾਜ਼ਾ ਬਿਆਨ ਵੀ ਇਸੇ ਸਾਜਿਸ਼ ਦਾ ਹਿੱਸਾ ਹੈ ਜਿਸ ਰਾਹੀਂ ਭੜਕਾਹਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਗੂਆਂ ਨੇ ਖੇਤੀ ਮੰਤਰੀ ਨੂੰ ਭਵਿੱਖ ’ਚ ਅਜਿਹੀ ਬਿਆਨਬਾਜ਼ੀ ਕਰਨ ਤੋਂ ਵੀ ਵਰਜਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ, ਅਧਿਆਪਕ ਆਗੂ ਅਜਮੇਰ ਸਿੰਘ ਤਲਵੰਡੀ, ਮਾ. ਗੁਰਮਿੰਦਰ ਸਿੰਘ ਸੇਖੋਂ, ਆਤਮਾ ਸਿੰਘ ਬੋਪਾਰਾਏ, ਜਥੇਦਾਰ ਰਣਜੀਤ ਸਿੰਘ ਗੁੜੇ, ਸੂਬੇਦਾਰ ਦਵਿੰਦਰ ਸਿੰਘ ਸਵੱਦੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਆਦਿ ਨੇ ਸੰਬੋਧਨ ਕੀਤਾ।
ਗੁਰੂਸਰ ਸੁਧਾਰ(ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਜਾਰੀ ਲੜੀਵਾਰ ਧਰਨੇ ਦੌਰਾਨ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਨੇ ਖੇਤੀ ਕਾਨੂੰਨ ਰੱਦ ਕੀਤੇ ਬਿਨਾਂ ਸਰਕਾਰ ਗੱਲਬਾਤ ਲਈ ਤਿਆਰ ਦੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬਿਆਨ ਦੀ ਨਿੰਦਾ ਕਰਦਿਆਂ ਖੇਤੀ ਮੰਤਰੀ ਤੋਮਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣ ਦੀ ਸਲਾਹ ਦਿੱਤੀ ਹੈ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਿੱਥੇ ਦੇਸ਼ ਭਰ ’ਚ ਕਿਸਾਨਾਂ ਵੱਲੋਂ ਰਾਜ ਭਵਨਾਂ ਅੱਗੇ ਧਰਨੇ ਦਿੱਤੇ ਜਾਣਗੇ, ਉਥੇ ਖੰਨਾ ਵਿੱਚ ਏ.ਡੀ.ਸੀ ਸਕੱਤਰ ਸਿੰਘ ਬੱਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ, ਹਵਾ ਸਿੰਘ, ਜਗਜੀਤ ਸਿੰਘ, ਗੁਰਦਿਆਲ ਸਿੰਘ, ਬਿੱਟੂ ਖੰਨੇ ਵਾਲਾ, ਹਰਜੀਤ ਸਿੰਘ, ਦੀਦਾਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਬਿਜਲੀ ਮਹਿਕਮੇ ’ਚ ਕਿਸਾਨਾਂ ਦੀ ਲੁੱਟ ਖ਼ਿਲਾਫ਼ ਡਟਿਆ ਕਿਸਾਨ ਮੋਰਚਾ
ਜਗਰਾਉਂ: ਇਥੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਨੇ ਬਿਜਲੀ ਮਹਿਕਮੇ ’ਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਦਾ ਦੋਸ਼ ਲਾਉਂਦਿਆਂ ਸੰਘਰਸ਼ ਵਿੱਢਣ ਦੀ ਤਾੜਨਾ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੋਮਵਾਰ ਨੂੰ ਇਕ ਵਫ਼ਦ ਐਕਸੀਅਨ ਨੂੰ ਮਿਲੇਗਾ ਅਤੇ ਜੇਕਰ ਕਿਸਾਨਾਂ ਦੀ ਲੁੱਟ ਬੰਦ ਨਾ ਹੋਈ ਤਾਂ ਬਿਜਲੀ ਦਫ਼ਤਰ ਅੱਗੇ ਧਰਨਾ ਲਾ ਕੇ ਘਿਰਾਓ ਕੀਤਾ ਜਾਵੇਗਾ। ਸਥਾਨਕ ਰੇਲਵੇ ਪਾਰਕ ’ਚ ਧਰਨੇ ਦੇ 262ਵੇਂ ਦਿਨ ਕਿਸਾਨ ਆਗੂਆਂ ਨੇ ਬਿਜਲੀ ਮਹਿਕਮ ਵੱਲੋਂ ਕਿਸਾਨਾਂ ਦੀ ਕਥਿਤ ਅੰਨ੍ਹੀ ਲੁੱਟ ਦਾ ਨੋਟਿਸ ਲੈਂਦਿਆਂ ਬਿਜਲੀ ਅਧਿਕਾਰੀਆਂ ਤੋਂ ਇਸ ਲੁੱਟ ਖਸੁੱਟ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਧਰਨਾਕਾਰੀਆਂ ਨੇ 26 ਜੂਨ ਨੂੰ ਦਿੱਲੀ ਸੰਘਰਸ਼ ਦੇ ਦੋ ਸੌ ਦਿਨ ਪੂਰੇ ਹੋਣ ਸਮੇਂ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।