ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 29 ਮਈ
ਇੱਥੇ ਥਾਣਾ ਸਿਟੀ ਅੱਗੇ 67 ਦਿਨ ਤੋਂ ਚੱਲ ਰਹੇ ਧਰਨੇ ’ਚ ਅੱਜ ਹਲਕਾ ਵਿਧਾਇਕ ਸਰਵਜੀਤ ਕੌਰ ਨਾਲ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਵਿਧਾਇਕ ਦੇ ਭਰੋਸੇ ਦੇ ਬਾਵਜੂਦ ਕੁਲਵੰਤ ਕੌਰ ਮਾਮਲੇ ’ਚ ਨਾਮਜ਼ਦ ਡੀਐੱਸਪੀ ਸਣੇ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੇਂਡੂ ਮਜ਼ਦੂਰ ਯੂਨੀਅਨ ਦੇ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਬਲਦੇਵ ਸਿੰਘ ਫ਼ੌਜੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਹਰੀ ਸਿੰਘ ਚਚਰਾੜੀ ਨੇ ਕਿਹਾ ਕਿ ਪੁਲੀਸ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਕੁਲਵੰਤ ਕੌਰ ਦੇ ਸੋਲਾਂ ਸਾਲ ਮੰਜੇ ’ਤੇ ਪਏ ਰਹਿਣ ਤੋਂ ਬਾਅਦ ਕਥਿਤ ਤਸ਼ੱਦਦ ਢਾਹੁਣ ਵਾਲੇ ਤਤਕਾਲੀ ਥਾਣਾ ਮੁਖੀ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ ਪਰ ਪੰਜ ਮਹੀਨੇ ਬੀਤ ਜਾਣ ਮਗਰੋਂ ਵੀ ਗ੍ਰਿਫ਼ਤਾਰੀਆਂ ਨਹੀਂ ਹੋਈਆਂ।
ਇਸੇ ਲਈ ਹੁਣ ਜਨਤਕ ਜਥੇਬੰਦੀਆਂ ਨੇ ਪੰਜਾਬ ਪੁਲੀਸ ਦੇ ਮੁਖੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਇਕਬਾਲ ਸਿੰਘ ਰਸੂਲਪੁਰ ਸਣੇ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ, ਕੁੰਡਾ ਸਿੰਘ ਕਾਉਂਕੇ, ਬਖਤੌਰ ਸਿੰਘ, ਨਛੱਤਰ ਸਿੰਘ ਬਾਰਦੇਕੇ, ਚਰਨ ਸਿੰਘ, ਜੱਗਾ ਸਿੰਘ ਢਿੱਲੋਂ, ਗੁਰਮੀਤ ਸਿੰਘ ਜਗਰਾਉਂ, ਨੇ ਵੀ ਹਾਜ਼ਰੀ ਭਰੀ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮੰਗੀ।