ਗਗਨਦੀਪ ਅਰੋੜਾ/ਗੁਰਿੰਦਰ ਸਿੰਘ
ਲੁਧਿਆਣਾ, 15 ਮਾਰਚ
ਕੇਂਦਰੀ ਟਰੇਡ ਯੂਨੀਅਨ ਅਤੇ ਸਯੁੰਕਤ ਕਿਸਾਨ ਮੋਰਚਾ ਵੱਲੋਂ ਅੱਜ ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ ਰੈਲੀ ਕੀਤੀ ਗਈ, ਜਿਸ ਵਿਚ ਕਿਸਾਨ ਮੋਰਚਿਆਂ ਦੇ ਆਗੂਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ’ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਵੱਲੋਂ ਬਣੀਆਂ ਜਾ ਰਹੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਰੈਲੀ ਤੋਂ ਬਾਅਦ ਆਗੂਆਂ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜੈਪਾਲ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਕਾਰਨ ਖੇਤੀ ’ਤੇ ਕਾਰਪੋਰੇਟ ਦਾ ਪੂਰੀ ਤਰ੍ਹਾਂ ਕਬਜ਼ਾ ਹੋ ਜਾਏਗਾ।
ਉਨ੍ਹਾਂ ਨੂੰ ਫਸਲਾਂ ਦੀ ਜਮ੍ਹਾਂ ਖੋਰੀ ਦੀ ਮਨਜ਼ੂਰੀ ਮਿਲ ਜਾਏਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਧਾ ਹੋ ਜਾਏਗਾ। ਇਸ ਦਾ ਅਸਰ ਸਮਾਜ ਦੇ ਮੱਧ ਵਰਗ ਤੇ ਕਮਜ਼ੋਰ ਵਰਗ ’ਤੇ ਪਵੇਗਾ। ਇਸ ਮੌਕੇ ’ਤੇ ਚਰਨ ਸਰਾਭਾ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਨੂੰ ਸਸਤੇ ਭਾਅ ’ਤੇ ਜ਼ਮੀਨਾਂ ਦੇ ਰਹੀ ਹੈ, ਹਰ ਵਿਭਾਗ ਨੂੰ ਪ੍ਰਾਈਵੇਟ ਕੰਪਨੀਆਂ ਅੱਗੇ ਵੇਚਿਆ ਜਾ ਰਿਹਾ ਹੈ, ਸਿੱਧੇ ਤੌਰ ’ਤੇ ਮੋਦੀ ਸਰਕਾਰ ਕਾਰਪੋਰੇਟ ਨੂੰ ਫਾਇਦਾ ਪਹੁੰਚਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਬੈਂਕਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਅਸਰ ਦੇਸ਼ ਦੀ ਆਰਥਿਕਤਾ ’ਤੇ ਪਵੇਗਾ। ਸਰਕਾਰ ਬੈਂਕਾਂ ਨੂੰ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦੀ ਹੈ, ਜੋ ਕਿ ਪਹਿਲਾਂ ਹੀ ਦੇਸ਼ ਦੀ ਜਨਤਾ ਦੇ 13 ਲੱਖ ਕਰੋੜ ਰੁਪਏ ਖਾ ਚੁੱਕੇ ਹਨ। ਸਰਕਾਰ ਇਸ ਪੈਸੇ ਨੂੰ ਮੁਆਫ਼ ਕਰ ਚੁੱਕੀ ਹੈ। ਇਸ ਮੌਕੇ ’ਤੇ ਜਤਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਵਿਨੋਦ ਤਿਵਾੜੀ, ਬਲਦੇਵ ਆਦਿ ਮੌਜੂਦ ਸਨ।