ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਲਈ ਸਿਖਲਾਈ ਕੈਂਪ
ਪੀਏਯੂ ਨੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦੇ ਕਲੱਬ ਨੇ ਸਕਿਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ 75 ਦੇ ਕਰੀਬ ਜੈਵਿਕ ਖੇਤੀ ਕਿਸਾਨਾਂ ਨੇ ਹਿੱਸਾ ਲਿਆ। ਇਹ ਕੈਂਪ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਲਾਇਆ ਗਿਆ। ਪੀਏਯੂ ਦੇ ਜੈਵਿਕ ਖੇਤੀ ਸਕੂਲ ਦੇ ਨਿਰਦੇਸ਼ਕ ਡਾ. ਸੋਹਨ ਸਿੰਘ ਵਾਲੀਆ ਨੇ ਕਲੱਬ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਤੋਂ ਮੁਕਤ ਫ਼ਸਲ ਉਤਪਾਦਨ ਲਈ ਜੈਵਿਕ ਖੇਤੀ ਕਲੱਬ ਨਾਲ ਜੁੜ ਕੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਮਾਹਿਰਾਂ ਵਿੱਚ ਡਾ. ਕੁਲਦੀਪ ਸਿੰਘ ਭੁੱਲਰ ਨੇ ਜੈਵਿਕ ਢੰਗ ਨਾਲ ਸਬਜ਼ੀਆਂ ਦੀ ਕਾਸ਼ਤ ਦੇ ਤਰੀਕੇ ਦੱਸੇ। ਡਾ. ਵਜਿੰਦਰ ਕਾਲੜਾ ਨੇ ਖੇਤ ਵਿੱਚ ਪ੍ਰਦਰਸ਼ਨ ਦੇ ਨਾਲ ਨਾਲ ਕਿਸਾਨਾਂ ਨੂੰ ਔਸ਼ਧੀ ਬੂਟਿਆਂ ਦੀ ਕਾਸ਼ਤ ਦੀ ਜਾਣਕਾਰੀ ਪ੍ਰਦਾਨ ਕੀਤੀ। ਅਗਾਂਹਵਧੂ ਜੈਵਿਕ ਖੇਤੀ ਕਾਸ਼ਤਕਾਰ ਸੱਜਣ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਗੁੜ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਨੇ ਖੇਤੀ ਕਾਰੋਬਾਰ ਨੂੰ ਅਪਣਾ ਕੇ ਵਧੇਰੇ ਮੁਨਾਫੇ ਵਾਲੀਆਂ ਜੁਗਤਾਂ ਨਾਲ ਜੁੜਨ ਵਾਸਤੇ ਅਪੀਲ ਕੀਤੀ।
ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਡਾ. ਪਰਮਿੰਦਰ ਸਿੰਘ ਨੇ ਜੈਵਿਕ ਢੰਗ ਨਾਲ ਪਸ਼ੂ ਪਾਲਣ ਅਤੇ ਉਨ੍ਹਾਂ ਤੋਂ ਵਧੇਰੇ ਮੁਨਾਫਾ ਕਮਾਉਣ ਦੇ ਨੁਕਤੇ ਦੱਸੇ। ਇਸ ਸਮਾਰੋਹ ਦੇ ਸੰਚਾਲਕ ਵਰਿੰਦਰ ਸਿੰਘ ਨੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੀਏਯੂ ਵੱਲੋਂ ਰਸਾਇਣ ਮੁਕਤ ਖੇਤੀ ਲਈ ਪਹਿਲ ਕਦਮੀ ਕੀਤੀਆਂ ਜਾ ਰਹੀਆਂ ਹਨ। ਕਲੱਬ ਦੇ ਪ੍ਰਧਾਨ ਅੰਮ੍ਰਿਤ ਸਿੰਘ ਚਾਹਲ ਨੇ ਸਭ ਦਾ ਧੰਨਵਾਦ ਕੀਤਾ। ਇਹ ਵਿਸ਼ੇਸ਼ ਸਿਖਲਾਈ ਕੈਂਪ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੀ ਨਿਗਰਾਨੀ ਹੇਠ ਨੇਪਰੇ ਚੜ੍ਹਿਆ।