ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਮਈ
ਪੀਏਯੂ ਦੇ ਫ਼ਸਲ ਵਿਗਿਆਨ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ 100 ਦੇ ਕਰੀਬ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ, ਬੋਰਲਾਸ ਸੰਸਥਾ (ਬੀਸਾ) ਦੇ ਸਾਇੰਸਦਾਨ, ਕੇਵੀਕੇ ਅਤੇ ਫਾਰਮ ਸਲਾਹਕਾਰ ਸੇਵਾਂ ਤੋਂ ਪਸਾਰ ਮਾਹਿਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਪਸਾਰ ਮਾਹਿਰ ਅਤੇ ਕਿਸਾਨਾਂ ਨੇ ਹਿੱਸਾ ਲਿਆ। ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਗੋਸ਼ਟੀ ਦਾ ਮੁੱਖ ਮੰਤਵ ਸਿੱਧੀ ਬਿਜਾਈ ਦੀਆਂ ਤਕਨਾਲੋਜੀਆਂ ਬਾਰੇ ਦੱਸਣਾ ਅਤੇ ਪਸਾਰ ਮਹਿਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸੁਆਲ ਹੱਲ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਤਰ-ਵੱਤਰ ਖੇਤ ਦਿਖਾਇਆ ਗਿਆ, ਖੇਤ ਨੂੰ ਤਿਆਰ ਕਰਨ ਅਤੇ ਲੱਕੀ ਸੀਡ ਡਰਿੱਲ ਨਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਸਪਰੇ ਕਰ ਕੇ ਦਿਖਾਈ ਗਈ। ਖੇਤ ਵਿੱਚ ਵੱਖ-ਵੱਖ ਤਰ੍ਹਾਂ ਦੇ ਨਦੀਨਾਂ ਦੀ ਪਛਾਣ ਵੀ ਕਰਾਈ ਗਈ। ਸਿੱਧੀ ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਹੋਰ ਸੰਦਾਂ ਦੀ ਪ੍ਰਦਰਸ਼ਨੀ ਲਾਈ ਗਈ ਅਤੇ ਉਹਨਾਂ ਸਬੰਧੀ ਸਿਖਲਾਈ ਵੀ ਦਿੱਤੀ ਗਈ।