ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 22 ਅਕਤੂਬਰ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਪੁਲੀਸ ਲਾਈਨ ’ਚ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਮੇਂ ਸ਼ਹੀਦ ਹੋਏ ਮੁਲਾਜ਼ਮਾਂ ਦੀ ਨਿੱਘੀ ਯਾਦ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਨਵ-ਨਿਯੁਕਤ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਨੇ ਕੀਤੀ। ਇਸ ਮੌਕੇ ਸ਼ਹੀਦਾਂ ਨੂੰ ਡੀਐੱਸਪੀ ਸੁਖਨਾਜ਼ ਸਿੰਘ ਦੀ ਅਗਵਾਈ ਹੇਠ ਪੁਲੀਸ ਦੀ ਸਮਿਰਤੀ ਪ੍ਰੇਡ ਵੱਲੋਂ ਸਲਾਮੀ ਦਿੱਤੀ ਗਈ। ਐੱਸਪੀ ਰਤਨ ਸਿੰਘ ਬਰਾੜ ਨੇ ਸ਼ਹੀਦਾਂ ਦੇ ਨਾਵਾਂ ਦੀ ਲਿਸਟ ਪੜ੍ਹੀ। ਉਪਰੰਤ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਨ-ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਾ ਵਾਰ ਗਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੇ ਅੰਤਿਮ ਪੜਾਅ ’ਚ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।