ਸ਼ਹੀਦ ਸਰਾਭਾ ਤੇ ਸਾਥੀਆਂ ਨੂੰ ਸ਼ਰਧਾਂਜਲੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੱਦੇ ਅਨੁਸਾਰ ਵੱਖ-ਵੱਖ ਪੇਂਡੂ ਇਕਾਈਆਂ ਵੱਲੋਂ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸ਼ਹੀਦ ਸਰਾਭਾ ਅਤੇ ਸਾਥੀਆਂ ਦੀ ਯਾਦ ਵਿੱਚ ਸ਼ਰਧਾਂਜਲੀ ਮਾਰਚ ਵਿੱਚ ਭਾਗ ਲਿਆ। ਇਸ ਮੌਕੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਔਰਤ ਵਿੰਗ ਦੀ ਆਗੂ ਹਰਜਿੰਦਰ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਰਾਂ ਕਿਹਾ ਕਿ ਸਾਮਰਾਜੀ ਕਾਰਪੋਰੇਟ ਅਤੇ ਫਾਸ਼ੀਵਾਦੀ ਸ਼ਕਤੀਆਂ ਨੇ ਕਿਰਤੀ ਲੋਕਾਂ ਦੀ ਲੁੱਟ ਹੋਰ ਤੇਜ਼ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਸ਼ਹੀਦ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਅਮਨਦੀਪ ਸਿੰਘ ਲਲਤੋਂ, ਹਾਕਮ ਸਿੰਘ ਭੱਟੀਆਂ, ਤਰਸੇਮ ਸਿੰਘ ਬੱਸੂਵਾਲ, ਸਰਬਜੀਤ ਸਿੰਘ ਸੁਧਾਰ ਸਮੇਤ ਹੋਰ ਆਗੂਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਉੱਧਰ, ਕਿਲ੍ਹਾ ਰਾਏਪੁਰ ਵਿੱਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਅਗਵਾਈ ਵਿੱਚ ਗ਼ਦਰ ਪਾਰਟੀ ਦੇ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਬਖ਼ਸ਼ੀਸ਼ ਸਿੰਘ ਜ਼ਿਲ੍ਹਾ ਅੰਮ੍ਰਿਤਸਰ, ਹਰਨਾਮ ਸਿੰਘ ਜ਼ਿਲ੍ਹਾ ਸਿਆਲਕੋਟ, ਜਗਤ ਸਿੰਘ ਜ਼ਿਲ੍ਹਾ ਲਾਹੌਰ, ਸੁਰੈਣ ਸਿੰਘ ਵੱਡਾ ਅਤੇ ਸੁਰੈਣ ਸਿੰਘ ਛੋਟਾ ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ ਜ਼ਿਲ੍ਹਾ ਪੂਨਾ (ਮਹਾਰਾਸ਼ਟਰ) ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਜਬਰ-ਜ਼ੁਲਮ ਵਿਰੁੱਧ ਲੜਾਈ ਜਾਰੀ ਰੱਖਣ ਦਾ ਅਹਿਦ ਕੀਤਾ। ਕਿਸਾਨ ਆਗੂ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ ਅਤੇ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਮਹਾਂ ਰੈਲੀ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ।
