ਗਗਨਦੀਪ ਅਰੋੜਾ
ਲੁਧਿਆਣਾ, 21 ਅਕਤੂਬਰ
ਪੁਲੀਸ ਲਾਈਨ ’ਚ ਪੁਲੀਸ ਨੇ ਅੱਜ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲੀਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਖ਼ਿਲਾਫ਼ ਸਾਂਝੇ ਤੌਰ ’ਤੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਨਾਲ ਡੀਸੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਸਾਬਕਾ ਪੁਲੀਸ ਮੁਖੀ ਡੀਆਰ ਭੱਟੀ ਤੇ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
ਪੁਲੀਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲੀਸ ਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਅਧਿਕਾਰੀਆਂ ਅਤੇ ਪਤਵੰਤਿਆਂ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੀ ਪੁਲੀਸ ਤੇ ਪੈਰਾ ਮਿਲਟਰੀ ਫੋਰਸਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ ਗਈ।
ਡੀਸੀ ਅਗਰਵਾਲ ਨੇ ਕਿਹਾ ਕਿ ਅੱਜ ਦਾ ਪੁਲੀਸ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲੀਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਰਾਜ ਵਿੱਚ ਕੋਵਿਡ ਮਹਾਮਾਰੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲੀਸ ਫੋਰਸ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।
ਖੰਨਾ ਵਿੱਚ ਪੁਲੀਸ ਸ਼ਹੀਦਾਂ ਨੂੰ ਸ਼ਰਧਾਂਜਲੀ
ਖੰਨਾ (ਨਿੱਜੀ ਪੱਤਰ ਪ੍ਰੇਰਕ): ਅੱਜ ਇਥੇ ਜ਼ਿਲ੍ਹਾ ਖੰਨਾ ਦੀ ਪੁਲੀਸ ਵੱਲੋਂ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਹਿੰਦੋਸਤਾਨ ਦੀ ਪੁਲੀਸ ਦੇ ਇਤਿਹਾਸ ਵਿਚ ਬਹੁਤ ਮਹੱਤਤਾ ਰੱਖਦਾ ਹੈ। ਇਸ ਦਿਨ 59 ਸਾਲ ਪਹਿਲਾ ਸੀ.ਆਰ.ਪੀ.ਐਫ ਦੇ ੧੦ ਜਵਾਨਾਂ ਦੀ ਟੁੱਕੜੀ ਲੱਦਾਖ ਵਿਚ ਹਾਟ ਸਪਰਿੰਗ ਨਾਂਅ ਦੇ ਸਥਾਨ ਤੇ ਆਪਣੇ ਦੇਸ਼ ਦੀ ਰਾਖੀ ਕਰ ਰਹੀ ਸੀ, ਜੋ ਚੀਨੀ ਫੌਜ਼ ਵੱਲੋ ਲਗਾਏ ਗਏ ਐਂਬੂਸ ਵਿਚ ਸ਼ਹੀਦ ਹੋ ਗਈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਜਵਾਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੇਸ਼ ਦੀ ਅਖੰਡਤਾ ਤੇ ਸ਼ਾਂਤੀ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਸ਼ਰਧਾਂਜਲੀ ਸਮਾਰੋਹ ਦੌਰਾਨ ਪੁਲੀਸ ਅਫ਼ਸਰਾਂ ਨੇ ਦੇਸ਼ ਦੀ ਸੁਰੱਖਿਆ, ਸ਼ਾਨ ਅਤੇ ਮਾਣ ਨੂੰ ਬਰਕਰਾਰ ਰੱਖਣ ਦਾ ਪ੍ਰਣ ਕੀਤਾ। ਅੰਤ ਵਿਚ ਐੱਸਐੱਸਪੀ ਤੇ ਸਮੂਹ ਪੁਲੀਸ ਅਫਸਰਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਨਿਪਟਾਰਾ ਕੀਤਾ।