ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਜਨਵਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਸਿਵਲ ਅਤੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹੀ ਅੱਜ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤਰਫ਼ੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਦੇਸ਼ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ ਆਦਿ ਹਾਜ਼ਰ ਸਨ।