ਸਹਿਜਾਦ ਵਿੱਚ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾਂਜਲੀਆਂ
ਕਾਮਾਗਾਟਾਮਾਰੂ ਯਾਦਗਾਰ ਕਮੇਟੀ ਵੱਲੋਂ ਗਰਾਮ ਪੰਚਾਇਤ ਅਤੇ ਪਿੰਡ ਸਹਿਜਾਦ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਦੇ 85ਵੇਂ ਸ਼ਹੀਦੀ ਦਿਵਸ ਮੌਕੇ ਸਮਾਗਮ ਦੌਰਾਨ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀਆਂ ਭੇਟ ਨਾਲ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਸੁਨਾਮ ਦੇ ਜੀਵਨ ਦੇ ਸਾਰੇ ਪੱਖਾਂ ਉੱਪਰ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਦੇ ਘਾਲਣਾ ਭਰੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਨਸੀਹਤ ਦਿੱਤੀ।
ਐਡਵੋਕੇਟ ਕੁਲਦੀਪ ਸਿੰਘ ਕਿਲ੍ਹਾ ਰਾਏਪੁਰ, ਜਸਦੇਵ ਸਿੰਘ ਲਲਤੋਂ, ਉਜਾਗਰ ਸਿੰਘ ਬੱਦੋਵਾਲ, ਗੁਰਦੇਵ ਸਿੰਘ ਮੁੱਲਾਂਪੁਰ, ਨੰਬਰਦਾਰ ਮੇਜਰ ਸਿੰਘ, ਜੋਗਿੰਦਰ ਸਿੰਘ ਸਹਿਜ਼ਾਦ, ਨਗਿੰਦਰ ਸਿੰਘ ਅਤੇ ਪ੍ਰੇਮ ਸਿੰਘ ਸਹਿਜਾਦ ਨੇ ਸ਼ਹੀਦ ਊਧਮ ਸਿੰਘ ਦੇ ਮੁਸੀਬਤਾਂ ਅਤੇ ਦੁੱਖਾਂ ਭਰੇ ਬਚਪਨ, ਚੁਨੌਤੀਆਂ ਭਰਪੂਰ ਜਵਾਨੀ ਅਤੇ ਜੱਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਲਈ ਲੰਡਨ ਤੱਕ ਦੇ ਸਫ਼ਰ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਮੌਜੂਦਾ ਸਮੇਂ ਦੇਸ਼ ਸਾਹਮਣੇ ਦਰਪੇਸ਼ ਚੁਨੌਤੀਆਂ ਦਾ ਮੁਕਾਬਲਾ ਕਰਨ ਅਤੇ ਸ਼ਹੀਦ ਊਧਮ ਸਿੰਘ ਸੁਨਾਮ ਦੇ ਅਧੂਰੇ ਕਾਜ ਨੂੰ ਪੂਰਾ ਕਰਨ ਇੱਕਜੁੱਟ ਸੰਘਰਸ਼ ਦਾ ਸੱਦਾ ਦਿੱਤਾ। ਲੋਕ ਕਵੀ ਰਾਮ ਸਿੰਘ ਹਠੂਰ ਨੇ ਇਨਕਲਾਬੀ ਰਚਨਾਵਾਂ ਪੇਸ਼ ਕੀਤੀਆਂ। ਸਰਪੰਚ ਸਿਕੰਦਰ ਸਿੰਘ, ਬਲਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਕਿਲ੍ਹਾ ਰਾਏਪੁਰ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।