ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਟਿੱਬਾ ਰੋਡ ਇਲਾਕੇ ਵਿੱਚ ਜਨਮ ਦਿਨ ਮਨਾਉਣ ਤੋਂ ਮਨ੍ਹਾ ਕਰਨ ’ਤੇ ਇਲਾਕਾ ਵਾਸੀਆਂ ’ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਨੂੰ ਡਿਵੀਜ਼ਨ ਨੰਬਰ-8 ਦੀ ਪੁਲੀਸ ਨੇ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਚੇਤਵ ਸਹਦੇਵ ਤੇ ਬੌਬੀ ਪੰਡਿਤ ਨੂੰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲ਼ਜਮਾਂ ਨੇ ਟਿੱਬਾ ਰੋਡ ਦੀ ਵਾਰਦਾਤ ਦੇ ਨਾਲ ਸਿਵਲ ਲਾਈਨ ਵਿੱਚ ਵਪਾਰੀ ਦੀ ਪਤਨੀ ਨੂੰ ਅਗਵਾ ਕਰਨ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਜੇਲ੍ਹ ਵਿੱਚ ਸਨ। ਜ਼ਿਕਰਯੋਗ ਹੈ ਕਿ ਟਿੱਬਾ ਰੋਡ ਦੇ ਪੁਨੀਤ ਨਗਰ ਇਲਾਕੇ ਵਿੱਚ ਪਿਛਲੇ ਦਿਨੀਂ ਇਲਾਕੇ ਵਿੱਚ ਜਨਮ ਦਿਨ ਮਨਾਉਣ ਦੌਰਾਨ ਇਲਾਕਾ ਵਾਸੀਆਂ ਨੇ ਵਿਰੋਧ ਕੀਤਾ ਤਾਂ ਮੌਕੇ ’ਤੇ ਮੁਲਜ਼ਮ ਪੰਕਜ ਰਾਜਪੁਰ ਤੇ ਚੇਤਨ ਨੇ ਆਪਣੇ ਸਾਥਿਆਂ ਸਣੇ ਗੋਲੀਆਂ ਚਲਾ ਦਿੱਤੀਆਂ ਸਨ। ਉਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਸੀ ਤੇ ਹੁਣ ਦੋ ਹੋਰ ਮੁਲਜ਼ਮਾਂ ਨੂੰ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।