ਪੀਏਯੂ ਕੈਂਪਸ ’ਚ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ
ਛੋਟੇ-ਵੱਡੇ ਖੇਤੀ ਸੰਦਾਂ, ਬੀਜ਼ਾਂ, ਖੇਤੀ ਸਾਹਿਤ ਦੇ ਅਨੇਕਾਂ ਲੱਗਣਗੇ ਸਟਾਲ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਤੰਬਰ ਮਹੀਨੇ ਲੱਗਣ ਵਾਲਾ ਦੋ ਦਿਨਾਂ ਕਿਸਾਨ ਮੇਲਾ ਇਸ ਵਾਰ 26 ਅਤੇ 27 ਸਤੰਬਰ ਨੂੰ ਲਾਇਆ ਜਾ ਰਿਹਾ ਹੈ। ਇਸ ਮੇਲੇ ਨੂੰ ਲੈ ਕੇ ਪੂਰਾ ’ਵਰਸਿਟੀ ਕੈਂਪਸ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋ ਗਿਆ ਹੈ। ਇਸ ਮੇਲੇ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਕਰਨਗੇ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਬਲਦੀਪ ਕੌਰ ਆਈ ਏ ਐੱਸ ਵੀ ਵਿਸ਼ੇਸ਼ ਤੌਰ ਤੇ ਇਸ ਸਮਾਰੋਹ ਦਾ ਹਿੱਸਾ ਬਣਨਗੇ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਕਸਿਤ ਮਸ਼ੀਨਰੀ ਤੋਂ ਜਾਣੂੰ ਕਰਵਾਉਣ ਲਈ ਸੈਕੜਿਆਂ ਦੀ ਗਿਣਤੀ ਵਿਚ ਪ੍ਰਦਰਸ਼ਨੀਆਂ ਅਤੇ ਸਟਾਲਾਂ ਲਗਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਰੂਪ ਵਿਚ ਆਯੋਜਿਤ ਕਰਨ ਲਈ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਵੀ ਭਾਰੀ ਗਿਣਤੀ ਕਿਸਾਨਾਂ ਵੱਲੋਂ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ। ਇਸ ਮੌਕੇ ਖੇਤੀਬਾੜੀ ਵਿਚ ਅਗਾਂਹਵਧੂ ਪੈੜਾਂ ਪਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਸੱਭਿਆਚਾਰਕ ਕਰਮੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ। ਉਹਨਾਂ ਕਿਸਾਨਾਂ ਨੂੰ ਭਾਰੀ ਗਿਣਤੀ ਵਿਚ ਮੇਲੇ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ।
ਇਸ ਮੇਲੇ ਵਿੱਚ ਜਿੱਥੇ ’ਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਾਏ ਜਾ ਰਹੇ ਹਨ ਉੱਥੇ ਟ੍ਰੈਕਟਰਾਂ, ਕੰਬਾਇਨਾਂ ਅਤੇ ਹੋਰ ਛੋਟੀ-ਵੱਡੀ ਨਵੀਂ ਖੇਤੀ ਮਸ਼ੀਨਰੀ ਕਿਸਾਨਾਂ ਲਈ ਖਿੱਚ ਦਾ ਕੇਂਦਰ ਹੋਵੇਗੀ। ਇਸ ਤੋਂ ਇਲਾਵਾ ਖੇਤੀ ਸਾਹਿਤ ਸਮੇਤ ਹੋਰ ਸਾਹਿਤਕ ਕਿਤਾਬਾਂ ਦੇ ਸਟਾਲ, ਖਾਣ-ਪੀਣ ਦੀਆਂ ਚੀਜ਼ਾਂ ਦੇ ਸਟਾਲ, ਸਵੈ ਸੇਵੀ ਸੰਸਥਾਵਾਂ ਵੱਲੋਂ ਤਿਆਰ ਕੀਤੇ ਸਮਾਨ ਦੇ ਸਟਾਲ ਵੀ ਮੇਲੀਆਂ ਦਾ ਧਿਆਨ ਆਪਣੇ ਵੱਲ ਖਿੱਚਣਗੇ। ਇੰਨਾਂ ਤੋਂ ਇਲਾਵਾ ਕਿਸਾਨਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਲਈ ਤਰਕਸ਼ੀਲ ਸੁਸਾਇਟੀ ਵੱਲੋਂ ਵੀ ਇੱਕ ਸਟਾਲ ਲਾਇਆ ਜਾ ਰਿਹਾ ਹੈ। ਇਸ ਸਟਾਲ ’ਤੇ ਤਰਕਸ਼ੀਲ ਸਾਹਿਤ ਵੀ ਵਿਕਰੀ ਲਈ ਰੱਖਿਆ ਜਾਵੇਗਾ।