ਗਗਨਦੀਪ ਅਰੋੜਾ
ਲੁਧਿਆਣਾ, 27 ਅਕਤੂਬਰ
ਸਨਅਤੀ ਸ਼ਹਿਰ ਵਿਚ ਕਰੋਨਾ ਦੇ ਅੱਜ 50 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਦੇ ਨਾਲ ਹੀ ਪਿਛਲੇ 24 ਘੰਟੇ ਦੌਰਾਨ 2 ਲੋਕਾਂ ਦੀ ਕਰੋਨਾ ਕਾਰਨ ਮੌਤ ਵੀ ਹੋ ਗਈ। ਅੱਜ ਆਏ ਕੇਸਾਂ ਤੋਂ ਬਾਅਦ ਸਨਅਤੀ ਸ਼ਹਿਰ ਵਿਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 20 ਹਜ਼ਾਰ 96 ਹੋ ਗਈ ਹੈ, ਪਰ ਰਾਹਤ ਵਾਲੀ ਗੱਲ ਇਹ ਹੈ ਕਿ ਲੁਧਿਆਣਾ ਵਿਚ ਐਕਟਿਵ ਕੇਸਾਂ ਦੀ ਗਿਣਤੀ 236 ਰਹਿ ਗਈ ਹੈ, ਜਿਨ੍ਹਾ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਸ਼ਹਿਰ ਵਿਚ ਕਰੋਨਾ ਦੇ 50 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਸ਼ਹਿਰ ਵਿਚ ਕਰੋਨਾ ਦੇ ਕੇਸਾਂ ਦੀ ਗਿਣਤੀ 20 ਹਜ਼ਾਰ 96 ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿਚ ਹੁਣ ਤੱਕ ਠੀਕ ਹੋਣ ਵਾਲੀ ਮਰੀਜ਼ਾਂ ਦੀ ਗਿਣਤੀ 19 ਹਜ਼ਾਰ 26 ਪੁੱਜ ਗਈ ਹੈ। ਸ਼ਹਿਰ ਵਿਚ ਕਰੋਨਾ ਕਾਰਨ 2 ਲੋਕਾਂ ਦੀ ਮੌਤ ਵੀ ਹੋ ਗਈ ਹੈ, ਜਿਸ ਤੋਂ ਬਾਅਦ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 831 ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ 236 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।