ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਪਿਛਲੇ ਕਰੀਬ 11 ਮਹੀਨੇ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਨਿਰੰਤਰ ਧਰਨਾ ਦੇ ਰਹੇ ਕਿਸਾਨਾਂ ਵਿਰੁੱਧ ਅੱਜ ਇਸ ਇਲਾਕੇ ਦੇ ਕਿਸਾਨ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੀ ਅਗਵਾਈ ਹੇਠਾਂ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਇਕ ਪੱਤਰ ਦੇ ਕੇ ਦੋਸ਼ ਲਾਇਆ ਕਿ ਰੇਲਵੇ ਸਟੇਸ਼ਨ ਦੇ ਬਾਹਰ ਤੰਬੂ ਲਾ ਕੇ ਬੈਠੇ ਕੁਝ ਵਿਅਕਤੀ ਸੰਯੁਕਤ ਕਿਸਾਨ ਮੋਰਚੇ ਦੇ ਨਾਂ ਹੇਠਾਂ ਲੋਕਾਂ ਤੋਂ ਮੋਟੇ ਫੰਡ ਵਸੂਲ ਰਹੇ ਹਨ, ਜਦੋਂ ਕਿ ਦਿੱਲੀ ਮੋਰਚੇ ਵਿਚ ਇਹ ਲੋਕ ਕਦੇ ਵੀ ਨਹੀਂ ਗਏ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਅਖੌਤੀ ਕਿਸਾਨਾਂ ਨੂੰ ਇਥੋਂ ਤੁਰੰਤ ਹਟਾਇਆ ਜਾਵੇ। ਦੂਜੇ ਪਾਸੇ ਰੇਲਵੇ ਸਟੇਸ਼ਨ ’ਤੇ ਧਰਨਾ ਦੇ ਰਹੇ ਕਿਸਾਨ ਆਗੂ ਰਾਜਿੰਦਰ ਸਿੰਘ ਬੈਨੀਪਾਲ ਤੇ ਉਨ੍ਹਾਂ ਦੇ ਸਾਥੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਦੱਸਦਿਆਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਤੋਂ ਲਿਆ ਫੰਡ ਸਾਬਤ ਹੋ ਜਾਵੇ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਭੁਗਤਣ ਲਈ ਤਿਆਰ ਹਨ। ਸ੍ਰੀ ਬੈਨੀਪਾਲ ਨੇ ਕਿਹਾ ਕਿ ਇਹ ਸਮਾਂ ਅਜਿਹੇ ਝੂਠੇ ਦੋਸ਼ ਲਾ ਕੇ ਇਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਨਹੀਂ ਬਲਕਿ ਖੇਤੀ ਕਾਨੂੰਨਾਂ ਵਿਰੁੱਧ ਸਾਂਝੇ ਤੌਰ ’ਤੇ ਸੰਘਰਸ਼ ਕਰਨ ਦਾ ਹੈ।