ਭਾਰਤੀ ਜਨਤਾ ਪਾਰਟੀ ਦਿਹਾਤੀ ਵੱਲੋਂ ਕੇਂਦਰ ਸਰਕਾਰ ਦੇ 2026-27 ਦੇ ਬਜਟ ਸਬੰਧੀ ਵਿਚਾਰ ਚਰਚਾ ਕਰਵਾਈ ਗਈ। ਇਸ ਵਿੱਚ ਭਾਜਪਾ ਆਗੂਆਂ ਨੇ ਬਜਟ ਦੀਆਂ ਵਿਸ਼ੇਸ਼ਤਾਵਾਂ ਗਿਣਾਈਆਂ।
ਭਾਜਪਾ ਇੰਡਸਟਰੀ ਸੈੱਲ ਦੇ ਕਨਵੀਨਰ ਕਮਲਜੋਤ ਸਿੰਘ ਚੀਨੂੰ ਦੀ ਅਗਵਾਈ ਵਿੱਚ ਹੋਈ ਚਰਚਾ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਸੂਰਜ ਭਾਰਦਵਾਜ, ਸਪੋਕਸਮੈਨ ਰਾਕੇਸ਼ ਕਪੂਰ ਅਤੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕੇਂਦਰੀ ਬਜਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਉਪਲੱਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਬਜਟ ਦੇਸ਼ ਦੇ ਗ਼ਰੀਬਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਮਜ਼ਦੂਰਾਂ ਅਤੇ ਮੱਧ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਰਾਹੀਂ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਅਤੇ ਸਭ ਕਾ ਪ੍ਰਯਾਸ’ ਦੇ ਸਿਧਾਂਤ ’ਤੇ ਆਧਾਰਤ ਹੈ। ਇਸ ਨਾਲ ਹਰ ਵਰਗ ਨੂੰ ਸਿੱਧਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਚਾਲੂ ਹੋਣ ਨਾਲ ਨਾ ਸਿਰਫ਼ ਉਦਯੋਗ, ਵਪਾਰ ਅਤੇ ਨਿਰਯਾਤ ਨੂੰ ਉਤਸ਼ਾਹ ਮਿਲੇਗਾ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਸ ਨਾਲ ਲੁਧਿਆਣਾ ਦਿਹਾਤੀ ਅਤੇ ਮਾਲਵਾ ਖੇਤਰ ਦੀ ਦੇਸ਼ ਅਤੇ ਵਿਦੇਸ਼ ਨਾਲ ਹਵਾਈ ਕਨੈਕਟੀਵਿਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਵੀ ਕੰਮ ਕਰ ਰਹੀ ਹੈ।
ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਬਜਟ ਦੀ ਕੀਤੀ ਜਾ ਰਹੀ ਬੇਬੁਨਿਆਦ ਆਲੋਚਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਮੌਕੇ ਗੁਰਬਖਸ਼ ਸਿੰਘ ਵਿੱਕੀ ਬਾਜਵਾ, ਹਰਪਾਲ ਸਿੰਘ ਖਹਿਰਾ ਅਤੇ ਕੁਲਵਿੰਦਰ ਸਿੰਘ ਸ਼ੈਂਕੀ ਵੀ ਹਾਜ਼ਰ ਸਨ।

