ਪੱਤਰ ਪ੍ਰੇਰਕ
ਮਾਛੀਵਾੜਾ, 6 ਮਾਰਚ
ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਪ੍ਰਤੀ ਮਾੜਾ ਹੈ। ਸਰਕਾਰ ਖੇਤੀ ਕਾਨੂੰਨਾਂ ਨਾਲ ਕਿਸਾਨੀ ਨੂੰ ਤਬਾਹ ਕਰਨ ਤੇ ਦਰਿਆਵਾਂ ਦਾ ਪਾਣੀ ਖੋਹ ਜ਼ਮੀਨ ਬੰਜਰ ਬਣਾਉਣ ’ਤੇ ਤੁਲੀ ਹੈ। ਸ੍ਰੀ ਅਟਵਾਲ ਨੇ ਕਿਹਾ ਕਿ ਕਿਸਾਨਾਂ ਨੇ ਮੁਲਕ ਨੂੰ ਰੱਜ ਕੇ ਖਾਣ ਨੂੰ ਰੋਟੀ ਦਿੱਤੀ ਪਰ ਪ੍ਰਧਾਨ ਮੰਤਰੀ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨੀ ਦਾਅ ’ਤੇ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਲੈਣਗੇ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਵਧ ਰਹੀ ਹੈ ਇਸ ਲਈ ਸਰਕਾਰਾਂ ਨੂੰ ਆਪਣੇ ਟੈਕਸ ਘਟਾ ਕੇ ਪੈਟਰੋਲੀਅਮ ਪਦਾਰਥਾਂ ਦੇ ਭਾਅ ਘਟਾਉਣੇ ਚਾਹੀਦੇ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਵੱਲੋਂ ਸ੍ਰੀ ਅਟਵਾਲ ਦਾ ਸਨਮਾਨ ਕੀਤਾ ਗਿਆ।