ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਠ ਵਰ੍ਹੇ ਪੂਰੇ ਹੋਣ ’ਤੇ ਅੱਜ ਸ਼ਿਮਲਾ ਵਿੱਚ ‘ਗਰੀਬ ਕਲਿਆਣ ਸੰਮੇਲਨ’ ਤਹਿਤ ਰੱਖੇ ਗਏ ਪ੍ਰੋਗਰਾਮਾਂ ਦਾ ਸਾਰੇ ਰਾਜਾਂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸੇ ਤਹਿਤ ਲੁਧਿਆਣਾ ਦੇ ਇੰਡੀਅਨ ਇੰਸਟੀਚਿਊਟ ਆਫ਼ ਮੇਜ਼ ਰਿਸਰਚ ਵਿੱਚ ਵੀ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ, ਜਿਸ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਖਾਸ ਤੌਰ ’ਤੇ ਪੁੱਜੇ। ਇਸ ਦੌਰਾਨ ਸੰਸਥਾ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ।
ਕੇਂਦਰੀ ਮੰਤਰੀ ਸ੍ਰੀ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਗਰੀਬਾਂ ਦੀ ਭਲਾਈ ਤੇ ਉਨ੍ਹਾਂ ਦੇ ਵਿਕਾਸ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਹਨ, ਜਿਸ ਦਾ ਲਾਭ ਦੇਸ਼ ਦੇ ਸਾਰੇ ਰਾਜਾਂ ਦੇ ਲੋਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਨਹੀਂ ਪਹੁੰਚਾਇਆ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ।
ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਪੁਰੀ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਯੋਜਨਾ ਤਹਿਤ ਅੱਜ 2000 ਰੁਪਏ ਦੇ ਵਿੱਤੀ ਲਾਭ ਦੀ 11ਵੀਂ ਕਿਸ਼ਤ ਜਾਰੀ ਕੀਤੀ ਗਈ ਹੈ ਜਿਸ ਤਹਿਤ ਦੇਸ਼ ਦੇ 10 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਇਸਦਾ ਲਾਭ ਮਿਲਿਆ ਹੈ। ਇਸੇ ਤਹਿਤ ਪ੍ਰਧਾਨ ਮੰਤਰੀ ਮੋਦੀ ਨੇ ਕਰੀਬ 21 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਤੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵੀ ਮੌਜੂਦ ਸਨ।