ਸੰਯੁਕਤ ਕਿਸਾਨ ਮੋਰਚੇ ਨੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ
ਇਸ ਮੌਕੇ ਆਗੂਆਂ ਨੇ ਕਿਹਾ ਕਿ ਅਗਸਤ ਅਤੇ ਸਤੰਬਰ 2025 ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਕਿਸਾਨਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਸ ਤ੍ਰਾਸਦੀ ਦੌਰਾਨ ਲਗਪਗ 59 ਇਨਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ, ਅਨੇਕਾਂ ਘਰ ਢਹਿ ਗਏ, ਪਸ਼ੂ ਰੁੜ੍ਹ ਗਏ, ਜ਼ਮੀਨਾਂ ਦਰਿਆ ਖੁਰਦ ਬੁਰਦ ਹੋ ਗਈਆਂ, ਖੇਤਾਂ ਵਿੱਚ ਗਾਰ ਭਰ ਗਈ ਅਤੇ ਫ਼ਸਲਾਂ ਤਬਾਹ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਵਾਰ ਬਾਰਿਸ਼ ਤੋਂ ਇਲਾਵਾ ਝੋਨੇ ਤੇ ਹਲਦੀ ਰੋਗ ਅਤੇ ਬੌਨਾ ਰੋਗ ਦਾ ਹਮਲਾ ਹੋਣ ਕਾਰਨ ਝੋਨੇ ਦਾ ਝਾੜ 8 ਤੋਂ 10 ਕੁਇੰਟਲ ਤੱਕ ਪ੍ਰਤੀ ਏਕੜ ਘਟ ਗਿਆ ਹੈ ਜਦਕਿ ਪਰਾਲ਼ੀ ਦਾ ਪ੍ਰਬੰਧ ਕਰਨ ਲਈ ਨਾ ਤਾਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਮਸ਼ੀਨਰੀ ਦਿੱਤੀ ਗਈ ਹੈ ਅਤੇ ਨਾਂ ਹੀ ਕੋਈ ਨਕਦ ਸਹਾਇਤਾ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਦੀ ਅਣਹੋਂਦ ਵਿੱਚ ਜਦੋਂ ਕਿਸਾਨ ਮਜ਼ਬੂਰੀ ਵੱਸ ਪਰਾਲ਼ੀ ਸਾੜਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਡੀ ਏ ਪੀ ਦੀ ਘਾਟ ਕਾਰਨ ਕਿਸਾਨ ਕਣਕ ਬੀਜਣ ਤੋਂ ਲੇਟ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਪੱਕੇ ਤੌਰ ’ਤੇ ਰੋਕਣ ਅਤੇ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਠੋਸ ਵਿਉਂਤਬੰਦੀ ਅਤੇ ਲੋੜੀਂਦਾ ਮੁਆਵਜ਼ਾ ਦੇਣ ਦੀ ਥਾਂ ਸਿਰਫ਼ ਦਰਸ਼ਨੀ ਕਾਰਵਾਈਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਕੇਂਦਰ ਸਰਕਾਰ ਵੱਲੋਂ ਸੈਨੇਟ ਭੰਗ ਕਰਨ ਦੀ ਨਿੰਦਾ ਕਰਦਿਆਂ ਇਸ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਤਾੜਨਾ ਕੀਤੀ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ ਮੰਗ ਪੱਤਰ ਲੈਂਦਿਆਂ ਉਨ੍ਹਾਂ ਦੀਆਂ ਮੰਗਾਂ ਉੱਪਰ ਗੰਭੀਰਤਾ ਦਿਖਾਈ। ਇਸ ਮੌਕੇ ਮਨੋਹਰ ਸਿੰਘ ਕਲਾਹੜ, ਹਰਨੇਕ ਸਿੰਘ ਗੁੱਜਰਵਾਲ, ਚਮਕੌਰ ਸਿੰਘ ਬਰਮੀ, ਰਜਿੰਦਰ ਸਿੰਘ ਕੋਟ ਪਨੈਚ ਆਦਿ ਵੀ ਹਾਜ਼ਰ ਸਨ।
