ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮਰਾਲਾ ਵਿੱਚ ਹੁਣ ਜੇਤੂ ਰੈਲੀ ਦਾ ਐਲਾਨ

ਦੁਆਬਾ ਕਿਸਾਨ ਯੂਨੀਅਨ ਤੇ ਆਈਪੀਡੀ ਕਿਸਾਨ ਬਚਾਓ ਮੋਰਚਾ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਬਾਹਰ ਕਰਨ ਦਾ ਫ਼ੈਸਲਾ
ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 24 ਅਗਸਤ ਨੂੰ ਸਮਰਾਲਾ ਵਿੱਚ ਕੀਤੀ ਜਾਣ ਵਾਲੀ ਕਿਸਾਨ ਮਹਾਂ ਰੈਲੀ ਦਾ ਫ਼ੈਸਲਾ ਬਰਕਰਾਰ ਰੱਖਦਿਆਂ ਹੁਣ ਜੇਤੂ ਰੈਲੀ ਕਰਨ ਦਾ ਐਲਾਨ ਕੀਤਾ ਹੈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ।

ਕਿਸਾਨ ਮੋਰਚਾ ਦੀ ਅੱਜ ਕਰਨੈਲ ਸਿੰਘ ਈਸੜੂ ਭਵਨ ਵਿੱਚ ਰੁਲਦੂ ਸਿੰਘ ਮਾਨਸਾ, ਬਲਜੀਤ ਸਿੰਘ ਗਰੇਵਾਲ ਅਤੇ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਮਦਦ ਨਾਲ ਇਸ ਖ਼ਿਲਾਫ਼ ਘੋਲ ਲੜਕੇ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ ਲਈ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਧੰਨਵਾਦ ਕੀਤਾ ਹੈ।

Advertisement

ਪ੍ਰਧਾਨਗੀ ਮੰਡਲ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੋਰਚੇ ਵਿੱਚ ਸ਼ਾਮਲ ਦੋ ਜਥੇਬੰਦੀਆਂ ਦੇ ਆਗੂਆਂ ਕੁਲਦੀਪ ਸਿੰਘ ਵਜੀਦਪੁਰ ਅਤੇ ਕਿਰਪਾ ਸਿੰਘ ਨੱਥੂਵਾਲਾ ਵੱਲੋਂ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੀਟਿੰਗ ਵਿੱਚ ਜਾਣ ਸਬੰਧੀ ਵਿਚਾਰ ਕਰਦਿਆਂ ਦੋਵੇਂ ਜਥੇਬੰਦੀਆਂ ਦੁਆਬਾ ਕਿਸਾਨ ਯੂਨੀਅਨ ਅਤੇ ਆਈਪੀਡੀ ਕਿਸਾਨ ਬਚਾਓ ਮੋਰਚਾ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਬਾਹਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਪਹਿਲਾਂ ਵੀ ਕੇਂਦਰ ਸਰਕਾਰ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਨੂੰ ਦੱਸੇ ਬਿਨਾਂ ਗਏ ਸਨ, ਹੁਣ ਦੁਬਾਰਾ ਇਹ ਜਾਣ ਬੁੱਝ ਕੇ ਉਸ ਮੀਟਿੰਗ ਵਿੱਚ ਗਏ ਹਨ। ਇੱਕ ਪਾਸੇ ਸੰਯੁਕਤ ਕਿਸਾਨ ਮੋਰਚਾ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕ ਰਿਹਾ ਸੀ ਅਤੇ ਦੂਜੇ ਪਾਸੇ ਇਹ ਦੋਵੇਂ ਆਗੂ ਕੇਂਦਰੀ ਖੇਤੀ ਮੰਤਰੀ ਦੀ ਮੀਟਿੰਗ ਵਿੱਚ ਜਾ ਕੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰ ਰਹੇ ਸਨ।

ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਨੇ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।

ਮੀਟਿੰਗ ਵਿੱਚ ਕੱਚੇ ਅਧਿਆਪਕਾਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਮੰਨਕੇ ਤਨਖਾਹ ਸਕੇਲ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ।

ਗੰਨਾ ਕਿਸਾਨਾਂ ਵੱਲੋਂ ਹਰਪਾਲ ਚੀਮਾ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਗੰਨਾ ਪੈਦਾ ਕਰਨ ਵਾਲੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੇ ਸਬੰਧ ਵਿੱਚ 19 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ 24 ਅਗਸਤ ਦੀ ਰੈਲੀ ਨੂੰ ਮੁੱਖ ਰੱਖਦੇ ਹੋਏ ਮੁਲਤਵੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ 21 ਅਗਸਤ ਤੱਕ ਸਰਕਾਰ ਗੰਨਾ ਪੈਦਾ ਕਰਨ ਵਾਲੇ ਕਿਸਾਨਾਂ ਦੇ ਬਕਾਏ ਅਦਾ ਨਹੀਂ ਕਰਦੀ ਤਾਂ ਸਮਰਾਲੇ ਦੀ ਮਹਾਂ ਰੈਲੀ ਵਿੱਚ ਇਸ ਸਬੰਧੀ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

Advertisement