ਜਵਾਹਰ ਨਗਰ ਵਿੱਚ ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ ਮਗਰੋਂ ਹੰਗਾਮਾ
ਪੇਕੇ ਪਰਿਵਾਰ ਨੇ ਸਸਕਾਰ ਰੁਕਵਾਇਆ; ਕਤਲ ਦਾ ਦੋਸ਼; ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜੀ
ਸ਼ਹਿਰ ਦੇ ਜਵਾਹਰ ਨਗਰ ਵਿੱਚ ਸ਼ਨਿੱਚਰਵਾਰ ਨੂੰ ਗਲੀ ਨੰਬਰ 10 ਸਥਿਤ ਇੱਕ ਘਰ ਵਿੱਚੋਂ 48 ਸਾਲਾ ਮਹਿਲਾ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਬਰਾਮਦ ਹੋਈ। ਮ੍ਰਿਤਕਾ ਦੀ ਪਛਾਣ ਹਰਜਿੰਦਰ ਕੌਰ ਉਰਫ਼ ਰਾਣੀ ਵਜੋਂ ਹੋਈ ਹੈ। ਇਸ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਮਹਿਲਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ’ਤੇ ਕਤਲ ਦੇ ਦੋਸ਼ ਲਾਉਂਦਿਆਂ ਅੰਤਿਮ ਸੰਸਕਾਰ ਨੂੰ ਵਿਚਾਲੇ ਹੀ ਰੁਕਵਾ ਦਿੱਤਾ। ਪਰਿਵਾਰਕ ਮੈਂਬਰਾਂ ਦੇ ਵਿਰੋਧ ਅਤੇ ਹੰਗਾਮੇ ਦੀ ਸੂਚਨਾ ਮਿਲਦੇ ਹੀ ਭਾਰੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਨੂੰ ਸੰਭਾਲਿਆ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਤਵਾਰ ਨੂੰ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਹਰਜਿੰਦਰ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਹਰਜਿੰਦਰ ਕੌਰ ਨੇ ਖ਼ੁਦਕੁਸ਼ੀ ਕੀਤੀ ਹੈ, ਜਦਕਿ ਪੇਕੇ ਪਰਿਵਾਰ ਨੇ ਇਸ ਨੂੰ ਕਤਲ ਦੱਸਿਆ ਹੈ। ਉਨ੍ਹਾਂ ਨੇ ਲਾਸ਼ ’ਤੇ ਕਈ ਸੱਟਾਂ ਦੇ ਨਿਸ਼ਾਨ ਹੋਣ ਦਾ ਵੀ ਦੋਸ਼ ਲਾਇਆ ਹੈ। ਪੁਲੀਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਮ੍ਰਿਤਕਾ ਦੇ ਜੀਜਾ ਰਾਜੀਵ ਕੁਮਾਰ ਨੇ ਦੱਸਿਆ ਕਿ ਰਾਣੀ ਤਿੰਨ ਦਿਨ ਪਹਿਲਾਂ ਹੀ ਆਪਣੇ ਪਿੰਡ ਤੋਂ ਲੁਧਿਆਣਾ ਪਰਤੀ ਸੀ ਅਤੇ ਉਸ ਵੇਲੇ ਉਹ ਕਾਫੀ ਤਣਾਅ ਵਿੱਚ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਣੀ ਦਾ ਪਤੀ ਅਕਸਰ ਉਸ ਨਾਲ ਕੁੱਟਮਾਰ ਕਰਦਾ ਸੀ ਅਤੇ ਪਰਿਵਾਰ ਦੇ ਦਖ਼ਲ ਤੋਂ ਬਾਅਦ ਉਸ ਨੂੰ ਵਾਪਸ ਸਹੁਰੇ ਘਰ ਭੇਜਿਆ ਜਾਂਦਾ ਸੀ। ਰਾਜੀਵ ਨੇ ਖੁਲਾਸਾ ਕੀਤਾ ਕਿ ਰਾਣੀ ਨੇ ਪਹਿਲਾਂ ਵੀ ਦੱਸਿਆ ਸੀ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹਨ, ਜਿਸ ਕਾਰਨ ਉਹ ਅਕਸਰ ਉਸ ਨੂੰ ਤਲਾਕ ਦੇਣ ਦੀਆਂ ਧਮਕੀਆਂ ਦਿੰਦਾ ਸੀ। ਸ਼ਨਿੱਚਰਵਾਰ ਸਵੇਰੇ ਜਦੋਂ ਪੇਕੇ ਪਰਿਵਾਰ ਦੇ ਮੈਂਬਰ ਜਵਾਹਰ ਨਗਰ ਪਹੁੰਚੇ, ਤਾਂ ਉਨ੍ਹਾਂ ਨੇ ਰਾਣੀ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦੇਖੇ। ਦੋਸ਼ ਹੈ ਕਿ ਸਹੁਰਾ ਪੱਖ ਦੇ ਲੋਕ ਜਲਦਬਾਜ਼ੀ ਵਿੱਚ ਅੰਤਿਮ ਸਸਕਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਸਮਾਂ ਵਿੱਚ ਸ਼ਾਮਲ ਹੋਣ ਤੋਂ ਵੀ ਰੋਕ ਰਹੇ ਸਨ। ਜਿਵੇਂ ਹੀ ਪੇਕੇ ਪਰਿਵਾਰ ਨੇ ਪੁਲੀਸ ਨੂੰ ਸੂਚਿਤ ਕੀਤਾ, ਸਹੁਰਾ ਪਰਿਵਾਰ ਦੇ ਮੈਂਬਰ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰ ਨੂੰ ਸ਼ੱਕ ਹੈ ਕਿ ਰਾਣੀ ਨਾਲ ਪਹਿਲਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਉਸ ਨੂੰ ਫਾਹੇ ਨਾਲ ਲਟਕਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਮੁਲਾਜ਼ਮਾਂ ਨੇ ਪਹਿਲਾਂ ਮਾਹੌਲ ਸ਼ਾਂਤ ਕਰਵਾਇਆ ਅਤੇ ਫਿਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਥਾਣਾ ਡਿਵੀਜ਼ਨ ਪੰਜ ਦੇ ਐੱਸ ਐੱਚ ਓ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਦੀ ਮੌਤ ਸ਼ੱਕੀ ਹੈ ਅਤੇ ਪੇਕੇ ਪਰਿਵਾਰ ਦੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

