ਗੁਰਿੰਦਰ ਸਿੰਘ
ਲੁਧਿਆਣਾ, 13 ਮਾਰਚ
ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਵੱਲੋਂ ਲੁਧਿਆਣਾ ਦੇ ਇਤਿਹਾਸ ’ਤੇ ਲਿਖੀ ਇਤਿਹਾਸਕ ਪੁਸਤਕ ‘ਦਾਸਤਾਨ-ਏ-ਲੁਧਿਆਣਾ’ ਅੱਜ ਇੱਥੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਰਿਲੀਜ਼ ਕੀਤੀ। ਸਥਾਨਕ ਐਸਸੀਡੀ ਸਰਕਾਰੀ ਕਾਲਜ ਦੇ ਸਾਹਿਰ ਆਡੀਟੋਰੀਅਮ ਵਿੱਚ ਹੋਏ ਸਮਾਗਮ ਦੌਰਾਨ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ, ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ, ਮੇਅਰ ਬਲਕਾਰ ਸਿੰਘ ਸੰਧੂ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਸ੍ਰੀ ਆਸ਼ੂ ਨੇ ਕਿਹਾ ਕਿ ਇਹ ਕਿਤਾਬ ਪੰਜਾਬ ਅਤੇ ਖਾਸ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਸ਼ਹੀਦਾਂ ਦੇ ਜੀਵਨ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਏਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਸਾਡੇ ਲਈ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਜ਼ਿੰਦਾ ਰੱਖਣ ਲਈ ਮਾਰਗ ਦਰਸ਼ਕ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਖ਼ਾਸਕਰ ਲੁਧਿਆਣਵੀਆਂ ਵੱਲੋਂ ਭਾਰਤੀ ਸੁਤੰਤਰਤਾ ਸੰਗਰਾਮ ਵਿੱਚ ਮੋਹਰੀ ਰੋਲ ਅਦਾ ਕੀਤਾ ਗਿਆ ਹੈਅਤੇ ਲੇਖਕ ਨੇ ਉਨ੍ਹਾਂ ਦਾ ਜ਼ਿਕਰ ਇਸ ਪੁਸਤਕ ਵਿੱਚ ਕੀਤਾ ਹੈ।
ਇਸ ਮੌਕੇ ਮੁਹੰਮਦ ਉਸਮਾਨ ਰਹਿਮਾਨੀ ਨੇ ਆਪਣੀ ਇਸ ਪੁਸਤਕ ਬਾਰੇ ਰੋਸ਼ਨੀ ਪਾਈ ਅਤੇ ਸਹਿਯੋਗੀ ਸੰਸਥਾਵਾਂ ਅਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁਹੰਮਦ ਮੁਸਤਕੀਮ ਅਹਿਰਾਰੀ, ਪ੍ਰਿੰਸੀਪਲ ਡਾ: ਧਰਮ ਸਿੰਘ ਸੰਧੂ, ਯੋਗੇਸ਼ ਹਾਂਡਾ, ਰਮਨਜੀਤ ਸਿੰਘ ਲਾਲੀ, ਜਸਦੇਵ ਸਿੰਘ ਸੇਖੋਂ, ਜਤਿੰਦਰਪਾਲ ਸਿੰਘ ਬੇਦੀ, ਅਸ਼ਵਨੀ ਭੱਲਾ ਆਦਿ ਵੀ ਹਾਜ਼ਰ ਸਨ।