ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਮਈ
ਇਥੋਂ ਦੇ ਵਾਰਡ ਨੰਬਰ-19 ਦੇ ਹਿੰਦੀ ਪੁੱਤਰੀ ਪਾਠਸ਼ਾਲਾ ਸਕੂਲ ਵਿਖੇ ਕੌਂਸਲਰ ਰੂਬੀ ਭਾਟੀਆ ਦੀ ਅਗਵਾਈ ਹੇਠਾਂ ਕਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ ਵਿਚ 100 ਤੋਂ ਵਧੇਰੇ ਲੋਕਾਂ ਨੇ ਟੀਕਾ ਲਗਵਾਇਆ। ਇਸ ਮੌਕੇ ਹਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਕਰੋਨਾ ਸਬੰਧੀ ਫੈਲੀਆਂ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਇਸ ਭਿਆਨਕ ਬਿਮਾਰੀ ਨੂੰ ਹਰਾਉਣ ਲਈ ਵੱਧ ਤੋਂ ਵੱਧ ਲੋਕ ਅੱਗੇ ਆ ਕੇ ਵੈਕਸੀਨ ਲਗਵਾਉਣ। ਉਨ੍ਹਾਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹਮੇਸ਼ਾਂ ਮੂੰਹ ਤੇ ਮਾਸਕ ਲਾਉਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਅਪੀਲ ਕੀਤੀ।
ਕੁੰਦਰਾ ਵੱਲੋਂ ਵੈਕਸੀਨ ਪ੍ਰਬੰਧਾਂ ਦਾ ਜਾਇਜ਼ਾ
ਮਾਛੀਵਾੜਾ (ਪੱਤਰ ਪ੍ਰੇਰਕ): ਮਾਛੀਵਾੜਾ ਮਾਰਕੀਟ ਕਮੇਟੀ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਵਲੋਂ ਅੱਜ ਮੁੱਢਲੇ ਸਿਹਤ ਕੇਂਦਰ ਵਿਖੇ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਲਗਾਏ ਜਾ ਰਹੇ ਵੈਕਸੀਨ ਦੇ ਟੀਕਾਕਰਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਕੁੰਦਰਾ ਨੇ ਕਿਹਾ ਕਿ ਮਾਛੀਵਾੜਾ ਇਲਾਕੇ ਦੇ ਲੋਕ ਅਫ਼ਵਾਹਾਂ ਨੂੰ ਨਾਕਾਰ ਕੇ ਵੈਕਸੀਨ ਦੇ ਟੀਕਾਕਰਨ ਲਈ ਅੱਗੇ ਆਉਣ ਲੱਗੇ ਹਨ ਜੋ ਕਿ ਇਸ ਮਹਾਮਾਰੀ ਤੋਂ ਬਚਾਅ ਲਈ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਸਰਕਾਰੀ ਹਸਪਤਾਲ ’ਚ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ ।