Sri Guru Hargobind Sahib Ji ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਈਂ ਸਮਾਗਮ
ਗੁਰਦੁਅਾਰਿਆਂ ਵਿੱਚ ਸੰਗਤ ਲੲੀ ਮਿੱਸੇ ਪ੍ਰਸ਼ਾਦੇ, ਦਹੀਂ ਅਤੇ ਲੱਸੀ ਦੇ ਲੰਗਰ ਲਾਏ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਲਈ ਮਿੱਸੇ ਪ੍ਰਸ਼ਾਦੇ, ਦਹੀਂ, ਲੱਸੀ, ਮੱਖਣ, ਅਚਾਰ ਅਤੇ ਪਿਆਜ਼ ਦੇ ਅਤੁੱਟ ਲੰਗਰ ਵਰਤਾਏ ਗਏ। ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਕ) ਵਿੱਚ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਅਤੇ ਭਾਈ ਪਰਮਵੀਰ ਸਿੰਘ ਦੇ ਜੱਥਿਆਂ ਨੇ ਕੀਰਤਨ ਕੀਤਾ। ਭਾਈ ਮਨਪ੍ਰੀਤ ਸਿੰਘ ਨੇ ਕਥਾ ਰਾਹੀਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਤਜਿੰਦਰ ਸਿੰਘ ਡੰਗ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ। ਜਵੱਦੀ ਟਕਸਾਲ ਵਿੱਚ ਸੰਤ ਗਿਆਨੀ ਅਮੀਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਚਰਨਜੀਤ ਸਿੰਘ ਬੈਂਕ ਵਾਲਿਆਂ ਨੇ ਗੁਰੂ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਗਿਆਨੀ ਰਛਪਾਲ ਸਿੰਘ ਪਮਾਲ ਦੇ ਢਾਡੀ ਜੱਥੇ ਨੇ ਵਾਰਾਂ ਗਾਈਆਂ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ (ਗੁਰੂ ਅਰਜਨ ਦੇਵ ਨਗਰ) ਵਿੱਚ ਭਾਈ ਭੁਪਿੰਦਰ ਸਿੰਘ ਦੇ ਜੱਥੇ ਨੇ ਕੀਰਤਨ ਕੀਤਾ ਅਤੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ ਨੇ ਧੰਨਵਾਦ ਕੀਤਾ।
ਜਗਰਾਉਂ (ਜਸਬੀਰ ਸ਼ੇਤਰਾ): ਨਜ਼ਦੀਕੀ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿੱਚ ਸ੍ਰੀ ਗੁਰੂ ਹਰਗੋਬਿੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਕੀਰਤਨ ਕੀਤਾ। ਸਮਾਗਮ ਤੋਂ ਪਹਿਲਾਂ ਇਲਾਕੇ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਗਤ ਨੂੰ ਵਧਾਈ ਦਿੰਦਿਆਂ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗੌਰਵਮਈ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਵਿੱਚ ਸਰਵਉੱਚ ਹੈ। ਇਸ ਮੌਕੇ ਭਾਈ ਹਰੀ ਸਿੰਘ ਕਾਉਂਕੇ, ਮੈਨੇਜਰ ਗੁਰਪ੍ਰੀਤ ਸਿੰਘ, ਸਰਪ੍ਰੀਤ ਸਿੰਘ, ਸਰਪੰਚ ਦੀਪਾ ਗੁਰੂਸਰ, ਬਰਜਿੰਦਰ ਸਿੰਘ, ਸਰਪੰਚ ਚਰਨਜੀਤ ਕੌਰ, ਸਾਬਕਾ ਸਰਪੰਚ ਜਗਜੀਤ ਸਿੰਘ ਸਿੱਧੂ, ਕਰਮ ਸਿੰਘ ਪ੍ਰਧਾਨ, ਬਲਜਿੰਦਰ ਸਿੰਘ ਮੱਖਣ ਅਤੇ ਗ੍ਰੰਥੀ ਜਸਵਿੰਦਰ ਪਾਲ ਸਿੰਘ ਹਾਜ਼ਰ ਸਨ।
ਖੰਨਾ/ਦੋਰਾਹਾ (ਜੋਗਿੰਦਰ ਸਿੰਘ ਓਬਰਾਏ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੋਰਾਹਾ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਕਟਾਣਾ ਸਾਹਿਬ, ਸਿੰਘ ਸਭਾ ਅਤੇ ਕਲਗੀਧਰ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਰਾਗੀ-ਢਾਡੀ ਜੱਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਅਪੀਲ ਕੀਤੀ। ਦੂਜੇ ਪਾਸੇ, ਖੰਨਾ ਦੇ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਵੱਡਾ ਸਮਾਗਮ ਕਰਵਾਇਆ ਗਿਆ। ਇੱਥੇ ਭਾਈ ਹਰਭਜਨ ਸਿੰਘ, ਕਰਨੈਲ ਸਿੰਘ ਅਤੇ ਭਾਈ ਜਗਜੀਤ ਸਿੰਘ ਲਿਬੜਾ ਦੇ ਜੱਥਿਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਮੀਰੀ-ਪੀਰੀ ਦੇ ਸਿਧਾਂਤ ਬਾਰੇ ਚਾਨਣਾ ਪਾਇਆ। ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਭਮਰਾ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਹਿਤ ਕਈ ਹੋਰ ਧਾਰਮਿਕ ਅਸਥਾਨਾਂ ’ਤੇ ਵੀ ਸਮਾਗਮ ਹੋਏ।
ਗੁਰਦੁਆਰਾ ਦਮਦਮਾ ਸਾਹਿਬ ’ਚ ਪ੍ਰਕਾਸ਼ ਪੁਰਬ ਮਨਾਇਆ
ਡੇਹਲੋਂ (ਪ੍ਰੀਤਮ ਸਿੰਘ): ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਡੇਹਲੋਂ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਕਥਾਵਾਚਕ ਭਾਈ ਸੰਦੀਪ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਰਾਤ ਦੇ ਗੁਰਮਤਿ ਸਮਾਗਮ ਦੌਰਾਨ ਭਾਈ ਸੁਰਿੰਦਰ ਸਿੰਘ ਢੱਡਰੀਆਂ ਵਾਲਿਆਂ ਦੇ ਕੀਰਤਨੀ ਜੱਥੇ ਨੇ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸ਼ਰਧਾਲੂ ਸੁਖਵਿੰਦਰ ਸਿੰਘ ਸੈਂਡੀ ਵੱਲੋਂ ਗੁਰਦੁਆਰੇ ਲਈ ਪੰਜ ਮਰਲੇ ਜ਼ਮੀਨ ਦਾਨ ਵਜੋਂ ਸੇਵਾ ਕੀਤੀ ਗਈ। ਮੈਨੇਜਰ ਜਸਵਿੰਦਰ ਸਿੰਘ ਨੇ ਸਮਾਗਮ ਵਿੱਚ ਪੁੱਜੀਆਂ ਸੰਗਤ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਸੈਕਟਰੀ ਜਗਦੀਪ ਸਿੰਘ, ਜਸਕੀਰਤ ਸਿੰਘ ਗ੍ਰੰਥੀ, ਮਾਸਟਰ ਪ੍ਰੇਮ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਅਤੇ ਜਸਪਾਲ ਸਿੰਘ (ਪ੍ਰਧਾਨ ਬਾਬਾ ਸੰਗਤ ਸਿੰਘ ਸੇਵਾ ਫਾਊਂਡੇਸ਼ਨ) ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

