ਵੱਖ-ਵੱਖ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਪੁਤਲਾ ਫ਼ੂਕ ਮੁਜ਼ਾਹਰਾ
ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਹਥਿਆਉਣ ਲਈ ਲਾਗੂ ਕੀਤੀ ਜਾ ਰਹੀ ਲੈਂਡ ਪੁਲਿੰਗ ਨੀਤੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ’ਤੇ ਜਿੱਥੇ ਝੂਠੇ ਮੁਕਦਮੇ ਦਰਜ ਕਰਕੇ ਜੇਲ੍ਹਾਂ ਵਿੱਚ ਡੱਕ ਰਹੀ ਹੈ ਉੱਥੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕੇ ਉਨਾਂ ਨੂੰ ਮਰਨ ਲਈ ਮਜਬੂਰ ਕਰ ਰਹੀ ਹੈ। ਜਥੇਦਾਰ ਜਸਵੰਤ ਚੀਮਾ ਅਤੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੇ ਜ਼ਰੀਏ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਹ ਨੀਤੀ ਨਾਂ ਸਿਰਫ਼ ਕਿਸਾਨ ਵਿਰੋਧੀ ਹੈ, ਸਗੋਂ ਇਹ ਪਿੰਡਾਂ ਦੀ ਸੰਸਕ੍ਰਿਤੀ ਅਤੇ ਆਰਥਿਕਤਾ ਨੂੰ ਵੀ ਤਬਾਹ ਕਰੇਗੀ।
ਪਰਮਜੀਤ ਸਿੰਘ ਜੌਹਲ, ਕਾਬਲ ਸਿੰਘ ਫਿਰੋਜ਼ਪੁਰ, ਸੰਦੀਪ ਸਿੰਘ ਰੁਪਾਲੋਂ ਅਤੇ ਕਿਸਾਨ ਆਗੂ ਜਗਤਾਰ ਸਿੰਘ ਦੇਹੜਕਾਂ ਨੇ ਕਿਹਾ ਕਿ ਸਾਲਾਂ ਤੋਂ ਜੇਲਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਸਰਕਾਰ ਦਾ ਘੱਟ ਗਿਣਤੀਆਂ ਉਪਰ ਜਬਰ ਦੀ ਨਿਸ਼ਾਨੀ ਹੈ।
ਇਸ ਮੌਕੇ ਕੁਲਵਿੰਦਰ ਸਿੰਘ ਚੰਦੀ, ਇੰਦਰਜੀਤ ਸਿੰਘ ਲੋਧੀਵਾਲਾ, ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰ ਤੋਂ ਇਲਾਵਾ ਕਿਸਾਨ ਜਥੇਬੰਦੀਆਂ, ਵਿਦਿਆਰਥੀ ਸੰਗਠਨਾਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਆਮ ਨਾਗਰਿਕਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਐਨਐਸਏ ਪ੍ਰਕਿਰਿਆ ਨੂੰ ਰੋਕਣ ਅਤੇ ਐਨਐਸਏ ਅਧੀਨ ਬੰਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲੈਂਡ ਪੁਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ।