ਵੈਟਰਨਰੀ ਵਿਦਿਆਰਥੀਆਂ ਨੇ ਕਾਲੀ ਦੀਵਾਲੀ ਮਨਾਈ
ਵੈਟਰਨਰੀ ’ਵਰਸਿਟੀ ਦੇ ਹਸਪਤਾਲ ਨੇੜੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਇਸ ਧਰਨੇ ਨੂੰ 27 ਦਿਨ ਹੋ ਗਏ ਹਨ ਪਰ ਕੋਈ ਵੀ ਸਰਕਾਰੀ ਅਤੇ ਸਰਕਾਰ ਦਾ ਨੁਮਾਇੰਦਾ ਉਨ੍ਹਾਂ ਦੀ ਗੱਲ ਸੁਣਨ ਨਹੀਂ ਆਇਆ। ਉਨ੍ਹਾਂ ਵੱਲੋਂ ਇੰਟਰਨਸ਼ਿਪ ਭੱਤਾ 24,310 ਰੁਪਏ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਮੌਜੂਦਾ ਸਮੇਂ ਉਨ੍ਹਾਂ ਨੂੰ ਸਿਰਫ਼ 15,000 ਰੁਪਏ ਭੱਤਾ ਹੀ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਪੁਲੀਸ ਅਤੇ ’ਵਰਸਿਟੀ ਅਧਿਕਾਰੀਆਂ ਨੇ ਪਿਛਲੇ ਸੋਮਵਾਰ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ 25 ਅਕਤੂਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ ਪਰ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਵੱਲੋਂ ਵਾਰ-ਵਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਮਜ਼ਬੂਤ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਦੂਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਮੰਗ ਨਹੀਂ ਮੰਨੀ ਜਾਂਦੀ, ਸ਼ਾਂਤਮਈ ਰੋਸ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।