ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ’ਤੇ ਡਟੇ ਵੈਟਰਨਰੀ ਵਿਦਿਆਰਥੀ
ੲਿੰਟਰਨਸ਼ਿਪ ਭੱਤਾ ਵਧਾਉਣ ਸਣੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ
ਲੁਧਿਆਣਾ ਵੈਟਰਨਰੀ ਯੂਨੀਵਰਸਿਟੀ ਦੀ ਵੈਟਰਨਰੀ ਵਿਦਿਆਰਥੀ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਅੱਜ 13ਵੇਂ ਦਿਨ ਵੀ ਜਾਰੀ ਰਹੀ। ਅੱਜ ਭਾਵੇਂ ਸਾਰਾ ਦਿਨ ਮੀਂਹ ਪੈਂਦਾ ਰਿਹਾ ਪਰ ਇੰਟਰਨ ਡਾਕਟਰਾਂ ਨੇ ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਵਿਖੇ ਵੱਖ ਵੱਖ ਨਾਅਰੇ ਲਿਖੀਆਂ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕੀਤਾ। ਇਨ੍ਹਾਂ ਇੰਟਰਨ ਡਾਕਟਰਾਂ ਵੱਲੋਂ ਇੰਟਰਨਸ਼ਿਪ ਭੱਤਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਗੁਆਂਢੀ ਰਾਜਾਂ ਵਿੱਚ ਵੈਟਰਨਰੀ ਇੰਟਰਨਾਂ ਨੂੰ ਉਨ੍ਹਾਂ ਨਾਲੋਂ ਵੱਲੋਂ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਭੱਤਾ ਵਧਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਹਰ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਜਾ ਰਿਹਾ ਹੈ। ਮਜ਼ਬੂਰ ਹੋ ਕੇ ਉਨ੍ਹਾਂ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਅੱਜ ਵੀ ਓਪੀਡੀ ਸੇਵਾਵਾਂ ਖੁੱਲ੍ਹੀਆਂ ਰਹੀਆਂ। ਇੰਟਰਨ ਡਾਕਟਰਾਂ ਵੱਲੋਂ ਭੱਤਾ 15 ਹਜ਼ਾਰ ਤੋਂਂ ਵਧਾ ਕੇ 24, 310 ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸ਼ਾਂਤੀਪੂਰਵਕ ਹੜਤਾਲ ਦੇ ਚੰਗੇ ਨਤੀਜੇ ਆਉਣ ਦੀ ਉਮੀਦ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਪਾਸੇ ਜਲਦੀ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।