ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਜੁਲਾਈ
ਇੱਥੇ ਸੋਮਵਾਰ ਤੋਂ ਦੁਬਾਰਾ ਧਰਨੇ ’ਤੇ ਬੈਠੇ ਵੈਟਰਨਰੀ ਵਿਦਿਆਰਥੀਆਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਗੁਰੂ ਅੰਗਦ ਦੇਵ ਵੈਟਰਨਰੀ ’ਵਰਸਿਟੀ ਵਿੱਚ ਧਰਨੇ ’ਤੇ ਬੈਠੇ ਇਨ੍ਹਾਂ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਵਿਦਿਆਰਥੀ ਇੰਟਰਨਸ਼ਿਪ ਭੱਤਾ 6200 ਰੁਪਏ ਦੀ ਥਾਂ 17000 ਰੁਪਏ ਕਰਨ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਿੱਚੋਂ 5-5 ਵਿਦਿਆਰਥੀ ਅੱਜ ਤੋਂ 24 ਘੰਟੇ ਲਈ ਭੁੱਖ ਹੜਤਾਲ ’ਤੇ ਵੀ ਬੈਠ ਗਏ ਹਨ। ਧਰਨੇ ’ਤੇ ਬੈਠੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਸੂਬੇ ਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗ ਜਲਦੀ ਨਾ ਮੰਨੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸਟੂਡੈਂਟਸ ਯੂਨੀਅਨ ਵੱਲੋਂ ਸੰਘਰਸ਼ ਦੀ ਹਮਾਇਤ
ਲੁਧਿਆਣਾ ( ਖੇਤਰੀ ਪ੍ਰਤੀਨਿਧ): ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਸਕੱਤਰ ਹੁਸ਼ਿਆਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਅਮਿਤੋਜ਼ ਮੌੜ ਨੇ ਕਿਹਾ ਕਿ ਉਹ ਗਡਵਾਸੂ ਦੇ ਵਿਦਿਆਰਥੀਆਂ ਦੀ ਹੱਕੀ ਮੰਗ ਨਾਲ ਸਹਿਮਤ ਨੇ ਅਤੇ ਸੰਘਰਸ਼ ਦੀ ਹਮਾਇਤ ਕਰਦੇ ਹਨ। ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮੰਗ ਛੇਤੀ ਤੋਂ ਛੇਤੀ ਮੰਨੀ ਜਾਵੇ ਅਤੇ ਭੱਤਾ 17,000 ਕੀਤਾ ਜਾਵੇ।