ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਮਾਰਚ
ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਹੜਤਾਲ ਦੌਰਾਨ ਅੱਜ 14ਵੇਂ ਦਿਨ ਰੋਸ ਮਾਰਚ ਕੱਢ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀ ਇੰਟਰਨਾਂ ਵੱਲੋਂ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਵੈਟਰਨਰੀ ਇੰਟਰਨਾਂ ਵੱਲੋਂ ਅੱਜ ਰੋਸ ਮਾਰਚ ਕੱਢ ਕੇ ਆਪਣੀ ਗੱਲ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਰੋਸ ਮਾਰਚ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਦੋਸ਼ ਲਾਇਆ ਕਿ ਕੁੱਝ ਵਿਦਿਆਰਥੀਆਂ ਦੇ ਮਾਪਿਆਂ ਨੂੰ ਲੁਧਿਆਣਾ ਪੁਲੀਸ ਵੱਲੋਂ ਫੋਨ ਆਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਪ੍ਰਦਰਸ਼ਨ ਤੋਂ ਰੋਕਣ ਲਈ ਕਿਹਾ ਗਿਆ ਹੈ। ਯੂਨੀਅਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੀ ਨਿੱਜੀ ਜਾਣਕਾਰੀ ਪੁਲੀਸ ਨਾਲ ਸਾਂਝੀ ਕੀਤੀ ਗਈ ਹੈ। ਯੂਨੀਅਨ ਦੀ ਮੁੱਖ ਮੰਗ ਇੰਟਰਨਾਂ ਦਾ ਭੱਤਾ 15,000 ਤੋਂ ਵਧਾ ਕੇ 24,310 ਰੁਪਏ ਕਰਨ ਦੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਗੁਆਂਢੀ ਰਾਜਾਂ ਵਿੱਚ ਭੱਤਾ ਇਸ ਤੋਂ ਕਈ ਗੁਣਾਂ ਵੱਧ ਹੈ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ ਨੂੰ ਹੋਰ ਤੇਜ਼ ਕਰ ਦੇਣਗੇ।