ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ
ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਵੈਟਰਨਰੀ ਇੰਟਰਨ ਡਾਕਟਰਾਂ ਦੇ ਭੱਤੇ ਵਿੱਚ ਵਾਧੇ ਸਬੰਧੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ‘ਇੰਟਰਨਸ਼ਿਪ ਭੱਤੇ ਦੇ ਵਾਧੇ’ ਦਾ ਤੁਰੰਤ ਹੱਲ ਲੱਭਣ ਦੀ ਅਪੀਲ ਕੀਤੀ ਗਈ ਹੈ।
ਇਸ ਮੰਗ ਪੱਤਰ ਵਿੱਚ ਯੂਨੀਅਨ ਨੇ ਰਾਜਪਾਲ, ਵਿੱਤ ਮੰਤਰੀ ਪੰਜਾਬ ਨਾਲ ਮੁਲਾਕਾਤ ਅਤੇ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਦੀ ਵੀ ਮੰਗ ਕੀਤੀ ਹੈ, ਤਾਂ ਜੋ ਇਸ ਘੱਟ ਮਿਲ ਰਹੇ ਇੰਟਰਨਸ਼ਿਪ ਭੱਤੇ ਦੇ ਮਾਮਲੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੌਜੂਦਾ ਸਮੇਂ ’ਚ ਪੰਜਾਬ ਦੇ ਵੈਟਰਨਰੀ ਇੰਟਰਨਾਂ ਨੂੰ 500 ਪ੍ਰਤੀ ਦਿਨ ਭੱਤਾ ਮਿਲ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਭੱਤਾ ਵਧਾ ਕੇ 24,310 ਪ੍ਰਤੀ ਮਹੀਨਾ ਕੀਤਾ ਜਾਵੇ।
ਪਿਛਲੇ ਕੁਝ ਮਹੀਨਿਆਂ ਦੌਰਾਨ, ਯੂਨੀਅਨ ਦੇ ਨੁਮਾਇੰਦਿਆਂ ਨੇ ਯੂਨੀਵਰਸਿਟੀ ਪ੍ਰਬੰਧਕਾਂ ਅਤੇ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗ ਕੀਤੀ ਹੈ, ਜਿਸ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤਾਂ ਸ਼ਾਮਲ ਹਨ। ਪਰੰਤੂ, ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।