ਵੈਟਰਨਰੀ ’ਵਰਸਿਟੀ ਵੱਲੋਂ ਅਗਾਂਹਵਧੂ ਕਿਸਾਨਾਂ ਲਈ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ
ਇਥੋਂ ਦੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਲਈ ਇਸ ਵਰੇ ਦੇ ਮੁੱਖ ਮੰਤਰੀ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ 26 ਸਤੰਬਰ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਦਿੱਤੇ ਜਾਣਗੇ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਆਂ ਤੇ ਆਪਣੇ ਤੌਰ `ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਗਾਂਵਾਂ ਪਾਲਣ ਦੀ ਸ਼੍ਰੇਣੀ ਵਿਚ ਸਿਕੰਦਰ ਸਿੰਘ ਸਵੈਚ, ਪਿੰਡ ਖੇੜ੍ਹੀ ਜੱਟਾਂ, ਜ਼ਿਲ੍ਹਾ ਪਟਿਆਲਾ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੁਰਗੀ ਪਾਲਣ ਸ਼੍ਰੇਣੀ ਵਿਚ ਐਮ ਬੀ ਏ ਵਿਦਿਆ ਪ੍ਰਾਪਤ ਰਾਕੇਸ਼ ਮਨਹਾਸ, ਜ਼ਿਲ੍ਹਾ ਪਠਾਨਕੋਟ ਨੂੰ ਇਨਾਮ ਦਿੱਤਾ ਜਾਵੇਗਾ। ਗੁਣਵੱਤਾ ਭਰਪੂਰ ਉਤਪਾਦ ਬਨਾਉਣ ਦੀ ਸ਼੍ਰੇਣੀ ਵਿਚ ਅੰਮ੍ਰਿਤਪਾਲ ਸਿੰਘ, ਵਾਸੀ ਪਿੰਡ ਦੌਲਾ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਨੂੰ ਸਨਮਾਨਿਤ ਕੀਤਾ ਜਾਵੇਗਾ। ਗੁਣਵੱਤਾ ਭਰਪੂਰ ਉਤਪਾਦ ਬਣਾਉਣ ਦੀ ਸ਼੍ਰੇਣੀ ਵਿੱਚ ਦੂਸਰਾ ਇਨਾਮ ਰਮਨਜੀਤ ਸਿੰਘ, ਅੰਮ੍ਰਿਤਸਰ ਵਾਸੀ ਨੂੰ ਮੀਟ ਪ੍ਰਾਸੈਸਿੰਗ ਦੀ ਸ਼੍ਰੇਣੀ ਵਿੱਚ ਪ੍ਰਦਾਨ ਕੀਤਾ ਜਾਵੇਗਾ। ਡਾ. ਗਰੇਵਾਲ ਨੇ ਦੱਸਿਆ ਕਿ ਪੁਰਸਕਾਰ ਵਿਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖ਼ਤੀ ਦੇ ਕੇ ਸਨਮਾਨਿਆ ਜਾਂਦਾ ਹੈ।