ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ, ਕਾਲਜ ਆਫ ਫ਼ਿਸ਼ਰੀਜ਼ ਅਤੇ ਕਾਲਜ ਆਫ ਐਨੀਮਲ ਬਾਇਓਤਕਾਨਲੋਜੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਯੂਨੀਵਰਸਿਟੀ ਨਾਲ ਜਾਣ-ਪਛਾਣ ਕਰਾਉਣ ਅਤੇ ਨਿਯਮ ਦੱਸਣ ਹਿਤ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਨਿਰਦੇਸ਼ ਅਧੀਨ ‘ਦੀਕਸ਼ਾਆਰੰਭ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸਕਾਰਾਤਮਕ ਮਾਨਸਿਕਤਾ ਨਾਲ ਬਿਨਾਂ ਕਿਸੇ ਦੁਚਿੱਤੀ, ਝਿਜਕ ਜਾਂ ਉਲਝਣ ਤੋਂ ਬਗੈਰ ਵਿਦਿਆ ਲੈਣ ਲਈ ਪ੍ਰੇਰਿਆ ਗਿਆ।
ਪ੍ਰੋਗਰਾਮ ਦੇ ਸਮਾਪਨ ਸਮਾਗਮ ਵਿੱਚ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਮਾਰਗ ਦਰਸ਼ਨ ਹਿਤ ਬਹੁਤ ਉਤਸ਼ਾਹ ਵਧਾਉ ਭਾਸ਼ਣ ਦਿੱਤੇ। ਪ੍ਰਧਾਨਗੀ ਭਾਸ਼ਣ ਵਿੱਚ ਡਾ. ਗਿੱਲ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿੰਦਿਆਂ ਖੇਡਾਂ ਅਤੇ ਕਲਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਉੱਚ ਸਿੱਖਿਆ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤਮੰਦ ਜੀਵਨ ਜੀਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ। ਰਜਿਸਟਰਾਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਵਿਦਿਅਕ ਨਿਯਮਾਂ ਅਤੇ ਨੇਮਾਂ ਬਾਰੇ ਚਾਨਣਾ ਪਾਇਆ। ਕਾਲਜ ਆਫ ਫ਼ਿਸ਼ਰੀਜ਼ ਦੀ ਡੀਨ ਡਾ. ਮੀਰਾ ਡੀ ਆਂਸਲ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਇਸ ਪ੍ਰੋਗਰਾਮ ਦੀਆਂ ਲੋੜਾਂ, ਸੰਭਾਵਨਾਵਾਂ ਅਤੇ ਫਾਇਦਿਆਂ ਬਾਰੇ ਚਰਚਾ ਕੀਤੀ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਸਰੀਰਕ ਅਤੇ ਮਾਨਸਿਕ ਸਿਹਤ ਬਾਰੇ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਦਿੱਤੇ ਜਾਂਦੇ ਸਹਿਯੋਗ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਰੈਗਿੰਗ ਵਰਗੀਆਂ ਮਾੜੀਆਂ ਗਤੀਵਿਧੀਆਂ ਤੋਂ ਦੂਰ ਰਹਿੰਦਿਆਂ ਆਪਣਾ ਅਤੇ ਮੁਲਕ ਦਾ ਭਵਿੱਖ ਰੋਸ਼ਨ ਕਰਨਾ ਚਾਹੀਦਾ ਹੈ। ਕੰਟਰੋਲਰ ਪ੍ਰੀਖਿਆਵਾਂ ਡਾ. ਉਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਅਤੇ ਮੁਲਾਂਕਣ ਨਿਯਮਾਂ ਅਤੇ ਢਾਂਚੇ ਬਾਰੇ ਜਾਣਕਾਰੀ ਦਿੱਤੀ। ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਜੀਵ ਕੁਮਾਰ ਉੱਪਲ ਨੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਆ। ਡੀਨ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ ਡਾ. ਰਾਮ ਸਰਨ ਸੇਠੀ ਨੇ ਸਾਰਿਆਂ ਧੰਨਵਾਦ ਕੀਤਾ।